ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ (ਅੰਗ ੬੦੩)

ਅਰਥ: ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀਂ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼ ॥੧॥ ਪਿਆਰੇ ਪ੍ਰਭੂ ਜੀ! (ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ ॥ ਰਹਾਉ॥ (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨। ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩। ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

0 Comment

Leave a Reply

Your email address will not be published. Required fields are marked *