ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ (ਅੰਗ ੬੩੯)

ਅਰਥ: ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ॥ ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕ ਮਃ ੩ ॥ ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥ ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥੧॥ ਮਃ ੩ ॥ ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ ਨਾਮੁ ਪਰਾਪਤਿ ਹੋਇ ॥ ਤਿਸੁ ਜੋਗੀ ਕੀ ਨਗਰੀ ਸਭੁ ਕੋ ਵਸੈ ਭੇਖੀ ਜੋਗੁ ਨ ਹੋਇ ॥ ਨਾਨਕ ਐਸਾ ਵਿਰਲਾ ਕੋ ਜੋਗੀ ਜਿਸੁ ਘਟਿ ਪਰਗਟੁ ਹੋਇ ॥੨॥ ਪਉੜੀ ॥ ਆਪੇ ਜੰਤ ਉਪਾਇਅਨੁ ਆਪੇ ਆਧਾਰੁ ॥ ਆਪੇ ਸੂਖਮੁ ਭਾਲੀਐ ਆਪੇ ਪਾਸਾਰੁ ॥ ਆਪਿ ਇਕਾਤੀ ਹੋਇ ਰਹੈ ਆਪੇ ਵਡ ਪਰਵਾਰੁ ॥ ਨਾਨਕੁ ਮੰਗੈ ਦਾਨੁ ਹਰਿ ਸੰਤਾ ਰੇਨਾਰੁ ॥ ਹੋਰੁ ਦਾਤਾਰੁ ਨ ਸੁਝਈ ਤੂ ਦੇਵਣਹਾਰੁ ॥੨੧॥੧॥ ਸੁਧੁ ॥ (ਅੰਗ ੫੫੬)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ (ਅੰਗ ੬੨੧)

ਅਰਥ: ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥ ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ, ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ॥੨॥ ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾਂ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ॥੩॥ ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਨਾਨਕ ਜੀ! (ਆਖੋ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ॥੪॥੧॥੫੧॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ੍॥ ਸੇ ਫਲ ਕੰਮਿ ਨ ਆਵਨੀ੍ ਤੇ ਗੁਣ ਮੈ ਤਨਿ ਹੰਨਿ੍ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ (ਅੰਗ ੭੨੯)

ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥ ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ॥੨॥ ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ॥੪॥ ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ ? ॥੫॥ ਹੇ ਨਾਨਕ ਜੀ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ (ਅੰਗ ੫੬੦)

ਅਰਥ: ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੧॥ ਜਿਸ ਦੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ ਤੇ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ, ਮੈਂ ਆਪਣੇ ਉਸ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥ ਇਕ ਪਰਮਾਤਮਾ ਵਿਚ ਸੁਰਤ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, ਤੇ ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੨॥ ਸ਼ਬਦ ਦੀ ਬਰਕਤ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, ਤੇ ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ॥੩॥ ਨਾਨਕ ਜੀ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤ ਜਾਗਦੀ ਹੈ, ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ ਜਿਸ ਨਾਲ ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ॥੪॥੭॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋ‌‍ਪਾਲਾ ॥੪॥੧੦॥ (ਅੰਗ ੬੧੧)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੫ ॥ ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥ ਪ੍ਰਭ ਕੀ ਓਟ ਗਹੀ ਤਉ ਛੂਟੋ ॥ ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ ॥ ਨਹ ਸੁਣੀਐ ਨਹ ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ ॥ ਐਸੀ ਠਗਉਰੀ ਪਾਇ ਭੁਲਾਵੈ ਮਨਿ ਸਭ ਕੈ ਲਾਗੈ ਮੀਠੀ ॥੨॥ ਮਾਇ ਬਾਪ ਪੂਤ ਹਿਤ ਭ੍ਰਾਤਾ ਉਨਿ ਘਰਿ ਘਰਿ ਮੇਲਿਓ ਦੂਆ ॥ ਕਿਸ ਹੀ ਵਾਧਿ ਘਾਟਿ ਕਿਸ ਹੀ ਪਹਿ ਸਗਲੇ ਲਰਿ ਲਰਿ ਮੂਆ ॥੩॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਇਹੁ ਚਲਤੁ ਦਿਖਾਇਆ ॥ ਗੂਝੀ ਭਾਹਿ ਜਲੈ ਸੰਸਾਰਾ ਭਗਤ ਨ ਬਿਆਪੈ ਮਾਇਆ ॥੪॥ ਸੰਤ ਪ੍ਰਸਾਦਿ ਮਹਾ ਸੁਖੁ ਪਾਇਆ ਸਗਲੇ ਬੰਧਨ ਕਾਟੇ ॥ ਹਰਿ ਹਰਿ ਨਾਮੁ ਨਾਨਕ ਧਨੁ ਪਾਇਆ ਅਪੁਨੈ ਘਰਿ ਲੈ ਆਇਆ ਖਾਟੇ ॥੫॥੧੧॥ (ਅੰਗ ੬੭੩)

ਅਰਥ: ਹੇ ਭਾਈ! ਜਦੋਂ ਮਨੁੱਖ ਨੇ ਪਰਮਾਤਮਾ ਦਾ ਪੱਲਾ ਫੜਿਆ, ਤਦੋਂ ਉਹ (ਮਾਇਆ ਦੇ ਪੰਜੇ ਵਿਚੋਂ) ਬਚ ਗਿਆ। ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕੀਤੇ, ਤਦੋਂ ਵਿਕਾਰਾਂ ਦਾ ਰੋਗ (ਉਸ ਦੇ ਅੰਦਰੋਂ) ਮੁੱਕ ਗਿਆ।1। ਰਹਾਉ। ਹੇ ਭਾਈ! ਜਿਸ (ਮਾਇਆ) ਨੇ ਸਾਰੇ ਤ੍ਰੈ-ਗੁਣੀ ਸੰਸਾਰ ਨੂੰ ਸਾਰੇ ਚਾਰ-ਕੂਟ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ, ਜਿਸ ਨੇ ਜੱਗ ਕਰਨ ਵਾਲੇ, ਇਸ਼ਨਾਨ ਕਰਨ ਵਾਲੇ, ਤਪ ਕਰਨ ਵਾਲੇ ਸਾਰੇ ਥਾਂ ਭੰਨ ਕੇ ਰੱਖ ਦਿੱਤੇ ਹਨ, ਇਸ ਜੀਵ ਵਿਚਾਰੇ ਦੀ ਕੀਹ ਪਾਂਇਆਂ ਹੈ (ਕਿ ਉਸ ਦਾ ਟਾਕਰਾ ਕਰ ਸਕੇ)?।1। ਹੇ ਭਾਈ! ਉਹ ਮਾਇਆ ਜਦੋਂ ਮਨੁੱਖ ਨੂੰ ਆ ਕੇ ਭਰਮਾਂਦੀ ਹੈ, ਤਦੋਂ ਨਾਹ ਉਸ ਦੀ ਆਵਾਜ਼ ਸੁਣੀਦੀ ਹੈ, ਨਾਹ ਉਹ ਮੂੰਹੋਂ ਬੋਲਦੀ ਹੈ, ਨਾਹ ਉਹ ਅੱਖੀਂ ਦਿੱਸਦੀ ਹੈ। ਕੋਈ ਅਜੇਹੀ ਨਸ਼ੀਲੀ ਚੀਜ਼ ਖਵਾ ਕੇ ਮਨੁੱਖ ਨੂੰ ਕੁਰਾਹੇ ਪਾ ਦੇਂਦੀ ਹੈ ਕਿ ਸਭਨਾਂ ਦੇ ਮਨ ਵਿਚ ਉਹ ਪਿਆਰੀ ਪਈ ਲੱਗਦੀ ਹੈ।2। ਹੇ ਭਾਈ! ਮਾਂ, ਪਿਉ, ਪੁੱਤਰ, ਮਿੱਤਰ, ਭਰਾ—ਉਸ ਮਾਇਆ ਨੇ ਹਰੇਕ ਦੇ ਹਿਰਦੇ ਵਿਚ ਵਿਤਕਰਾ ਪਾ ਰੱਖਿਆ ਹੈ। ਕਿਸੇ ਪਾਸ (ਮਾਇਆ) ਬਹੁਤੀ ਹੈ, ਕਿਸੇ ਪਾਸ ਥੋੜੀ ਹੈ (ਬੱਸ, ਇਸੇ ਗੱਲੇ) ਸਾਰੇ (ਆਪੋ ਵਿਚ) ਲੜ ਲੜ ਕੇ ਪਏ ਖਪਦੇ ਹਨ।3। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ ਮੈਨੂੰ (ਮਾਇਆ ਦਾ) ਇਹ ਤਮਾਸ਼ਾ (ਅੱਖੀਂ) ਵਿਖਾ ਦਿੱਤਾ ਹੈ। (ਮੈਂ ਵੇਖ ਲਿਆ ਹੈ ਕਿ ਮਾਇਆ ਦੀ ਇਸ) ਲੁਕੀ ਹੋਈ ਅੱਗ ਨਾਲ ਸਾਰਾ ਜਗਤ ਸੜ ਰਿਹਾ ਹੈ। ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖ ਉੱਤੇ ਮਾਇਆ (ਆਪਣਾ) ਜ਼ੋਰ ਨਹੀਂ ਪਾ ਸਕਦੀ।4। ਹੇ ਨਾਨਕ! ਗੁਰੂ ਦੀ ਕਿਰਪਾ ਨਾਲ (ਜਿਸ ਮਨੁੱਖ ਨੇ) ਪਰਮਾਤਮਾ ਦਾ ਨਾਮ-ਧਨ ਲੱਭ ਲਿਆ ਹੈ, ਤੇ ਇਹ ਧਨ ਖੱਟ-ਕਮਾ ਕੇ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਹੈ, ਉਹ ਬੜਾ ਆਤਮਕ ਆਨੰਦ ਮਾਣਦਾ ਹੈ; ਉਸ ਦੇ (ਮਾਇਆ ਵਾਲੇ) ਸਾਰੇ ਬੰਧਨ ਕੱਟੇ ਜਾਂਦੇ ਹਨ।5।11।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ (ਅੰਗ ੬੧੩)

ਅਰਥ: (ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ (ਅੰਗ ੬੭੩)

ਅਰਥ: ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥ ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ॥ ੴ ਸਤਿਗੁਰ ਪ੍ਰਸਾਦਿ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥ ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥ ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥੪॥੧॥ (ਅੰਗ ੫੭੮)

ਅਰਥ: ਰਾਗ ਵਡਹੰਸ, ਘਰ ੫ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ ‘ਅਲਾਹਣੀਆਂ’। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ। ਜਦੋਂ ਜੀਵ ਨੂੰ ਮਿਲਿਆ ਸਮਾ ਮੁੱਕ ਜਾਂਦਾ ਹੈ ਤੇ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ। (ਉਮਰ ਦਾ ਸਮਾ ਮੁੱਕਣ ਤੇ) ਜਦੋਂ ਪਰਮਾਤਮਾ ਦਾ ਲਿਖਿਆ (ਹੁਕਮ) ਅਉਂਦਾ ਹੈ ਤਾਂ ਸਾਰੇ ਸੱਜਣ ਸੰਬੰਧੀ ਰੋਂਦੇ ਹਨ। ਹੇ ਮੇਰੀ ਮਾਂ! ਜਦੋਂ ਉਮਰ ਦੇ ਦਿਨ ਪੂਰੇ ਹੋ ਜਾਂਦੇ ਹਨ, ਤਾਂ ਸਰੀਰ ਤੇ ਜੀਵਾਤਮਾ ਦਾ (ਸਦਾ ਲਈ) ਵਿਛੋੜਾ ਹੋ ਜਾਂਦਾ ਹੈ। (ਉਸ ਅੰਤ ਸਮੇ ਤੋਂ) ਪਹਿਲਾਂ ਪਹਿਲਾਂ ਜੋ ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ (ਉਸ ਉਸ ਦੇ ਅਨੁਸਾਰ) ਜਿਹੋ ਜਿਹਾ ਸੰਸਕਾਰਾਂ ਦਾ ਲੇਖ (ਉਸ ਦੇ ਮੱਥੇ ਤੇ) ਲਿਖਿਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਂਦਾ ਹੈ। ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ॥੧॥ ਹੇ ਮੇਰੇ ਭਰਾਵੋ! (ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (ਦੁਨੀਆ ਤੋਂ) ਇਹ ਕੂਚ ਸਭਨਾਂ ਨੇ ਹੀ ਕਰਨਾ ਹੈ। ਦੁਨੀਆ ਵਿਚ ਮਾਇਆ ਦਾ ਝੂਠਾ ਆਹਰ ਚਾਰ ਦਿਨਾਂ ਲਈ ਹੀ ਹੈ, (ਹਰੇਕ ਨੇ ਹੀ) ਇਥੋਂ ਅਗਾਂਹ (ਪਰਲੋਕ ਵਿਚ) ਜ਼ਰੂਰ ਚਲੇ ਜਾਣਾ ਹੈ। ਇਥੋਂ ਅਗਾਂਹ ਜ਼ਰੂਰ (ਹਰੇਕ ਨੇ) ਚਲੇ ਜਾਣਾ ਹੈ, (ਇਥੇ ਜਗਤ ਵਿਚ) ਅਸੀਂ ਪਰਾਹੁਣਿਆਂ ਵਾਂਗ ਹੀ ਹਾਂ, (ਕਿਸੇ ਵੀ ਧਨ ਪਦਾਰਥ ਆਦਿਕ ਦਾ) ਮਾਣ ਕਰਨਾ ਵਿਅਰਥ ਹੈ। ਉਸ ਪਰਮਾਤਮਾ ਦਾ ਹੀ ਨਾਮ ਸਿਮਰਨਾ ਚਾਹੀਦਾ ਹੈ ਜਿਸ ਦੇ ਸਿਮਰਨ ਨਾਲ ਪਰਮਾਤਮਾ ਦੀ ਹਜ਼ੂਰੀ ਵਿਚ ਆਤਮਕ ਆਨੰਦ ਮਿਲਦਾ ਹੈ। ਪਰਲੋਕ ਵਿਚ ਕਿਸੇ ਦਾ ਭੀ ਹੁਕਮ ਨਹੀਂ ਚੱਲ ਸਕਦਾ, ਉਥੇ ਤਾਂ ਹਰੇਕ ਦੇ ਸਿਰ ਉਤੇ (ਆਪੋ ਆਪਣੇ) ਕੀਤੇ ਅਨੁਸਾਰ ਬੀਤਦੀ ਹੈ। ਹੇ ਮੇਰੇ ਭਰਾਵੋ! (ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (ਦੁਨੀਆ ਤੋਂ) ਇਹ ਕੂਚ ਸਭ ਨੇ ਹੀ ਕਰ ਜਾਣਾ ਹੈ ॥੨॥ ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਭਾਉਂਦਾ ਹੈ। ਉਹ ਸਦਾ-ਥਿਰ ਰਹਿਣ ਵਾਲਾ ਸਿਰਜਣਹਾਰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਮੌਜੂਦ ਹੈ। ਉਹ ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ ਸਭ ਦਾ ਪੈਦਾ ਕਰਨ ਵਾਲਾ ਹੈ, ਅਦ੍ਰਿਸ਼ਟ ਹੈ, ਬੇਅੰਤ ਹੈ, ਕੋਈ ਭੀ ਜੀਵ ਉਸ ਦੇ ਗੁਣਾਂ ਦਾ ਅੰਤ ਨਹੀਂ ਲੱਭ ਸਕਦਾ। ਜਗਤ ਵਿਚ ਜੰਮਣਾ ਉਹਨਾਂ ਦਾ ਹੀ ਸਫਲ ਕਿਹਾ ਜਾਂਦਾ ਹੈ ਜਿਨ੍ਹਾਂ ਨੇ ਉਸ ਬੇਅੰਤ ਪ੍ਰਭੂ ਨੂੰ ਸੁਰਤ ਜੋੜ ਕੇ ਸਿਮਰਿਆ ਹੈ। ਉਹ ਪਰਮਾਤਮਾ ਆਪ ਹੀ ਜਗਤ-ਰਚਨਾ ਨੂੰ ਢਾਹ ਦੇਂਦਾ ਹੈ, ਢਾਹ ਕੇ ਆਪ ਹੀ ਫਿਰ ਬਣਾ ਲੈਂਦਾ ਹੈ, ਉਹ ਆਪਣੇ ਹੁਕਮ ਵਿਚ ਜੀਵਾਂ ਨੂੰ ਚੰਗੇ ਜੀਵਨ ਵਾਲੇ ਬਣਾਂਦਾ ਹੈ। ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਚੰਗਾ ਲੱਗਦਾ ਹੈ ॥੩॥ ਹੇ ਨਾਨਕ! ਉਸੇ ਨੂੰ ਸਹੀ ਵੈਰਾਗ ਵਿਚ ਆਇਆ ਜਾਣੋ, ਜੋ ਪਿਆਰ ਨਾਲ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਵੈਰਾਗ ਵਿਚ ਆਉਂਦਾ ਹੈ। ਹੇ ਭਾਈ! ਦੁਨੀਆ ਦੇ ਧਨ ਪਦਾਰਥ ਦੀ ਖ਼ਾਤਰ ਜੋ ਰੋਵੀਦਾ ਹੈ ਉਹ ਰੋਣਾ ਸਾਰਾ ਹੀ ਵਿਅਰਥ ਜਾਂਦਾ ਹੈ। ਪਰਮਾਤਮਾ ਵਲੋਂ ਭੁੱਲਾ ਹੋਇਆ ਜਗਤ ਮਾਇਆ ਦੀ ਖ਼ਾਤਰ ਰੋਂਦਾ ਹੈ ਇਹ ਸਾਰਾ ਹੀ ਰੁਦਨ ਵਿਅਰਥ ਹੈ। ਮਨੁੱਖ ਨੂੰ ਚੰਗੇ ਮੰਦੇ ਕੰਮ ਦੀ ਪਛਾਣ ਨਹੀਂ ਆਉਂਦੀ, (ਮਾਇਆ ਦੀ ਖ਼ਾਤਰ ਰੋ ਰੋ ਕੇ) ਇਸ ਸਰੀਰ ਨੂੰ ਵਿਅਰਥ ਹੀ ਨਾਸ ਕਰ ਲੈਂਦਾ ਹੈ। ਜੋ ਜਗਤ ਵਿਚ (ਜਨਮ ਲੈ ਕੇ) ਆਇਆ ਹੈ (ਆਪਣਾ ਸਮਾ ਮੁਕਾ ਕੇ) ਚਲਾ ਜਾਇਗਾ, ਨਾਸਵੰਤ ਜਗਤ ਦੇ ਮੋਹ ਵਿਚ ਫਸ ਕੇ (ਵਿਅਰਥ) ਮਾਣ ਕਰਦੇ ਹੋ। ਹੇ ਨਾਨਕ! ਉਸੇ ਨੂੰ ਸਹੀ ਵੈਰਾਗ ਵਿਚ ਆਇਆ ਜਾਣੋ, ਜੋ ਪਿਆਰ ਨਾਲ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਵੈਰਾਗ ਵਿਚ ਆਉਂਦਾ ਹੈ ॥੪॥੧॥