ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ (ਅੰਗ ੫੬੧)

ਅਰਥ: ਰਾਗ ਵਡਹੰਸ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਤੇਰਾ ਦਰਸਨ ਕਰ ਸਕਾਂ। ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ ਤੇ ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ ॥੧॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨ੍ਹ੍ਹੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥ (ਅੰਗ ੫੦੧)

ਅਰਥ:- ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ।1। ਰਹਾਉ। ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ।1। ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕ੍ਰੋਧ ਅਹੰਕਾਰ ਨਾਸ ਹੋ ਜਾਇਗਾ, ਤੇਰਾ ਹਰੇਕ ਰੋਗ ਦੂਰ ਹੋ ਜਾਇਗਾ।2। ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ।3। ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰਿ-ਨਾਮ ਦੇ ਦਿੱਤਾ। ਹੇ ਨਾਨਕ! (ਆਖ—ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ।4।2। 28।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਰਾਗੁ ਬਿਹਾਗੜਾ ਮਹਲਾ ੫ ॥ ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥ ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥ ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥ ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥ ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥੧॥ ਲਾਖ ਉਲਾਹਨੇ ਮੋਹਿ ਹਰਿ ਜਬ ਲਗੁ ਨਹ ਮਿਲੈ ਰਾਮ ॥ ਮਿਲਨ ਕਉ ਕਰਉ ਉਪਾਵ ਕਿਛੁ ਹਮਾਰਾ ਨਹ ਚਲੈ ਰਾਮ ॥ ਚਲ ਚਿਤ ਬਿਤ ਅਨਿਤ ਪ੍ਰਿਅ ਬਿਨੁ ਕਵਨ ਬਿਧੀ ਨ ਧੀਜੀਐ ॥ ਖਾਨ ਪਾਨ ਸੀਗਾਰ ਬਿਰਥੇ ਹਰਿ ਕੰਤ ਬਿਨੁ ਕਿਉ ਜੀਜੀਐ ॥ ਆਸਾ ਪਿਆਸੀ ਰੈਨਿ ਦਿਨੀਅਰੁ ਰਹਿ ਨ ਸਕੀਐ ਇਕੁ ਤਿਲੈ ॥ ਨਾਨਕੁ ਪਇਅੰਪੈ ਸੰਤ ਦਾਸੀ ਤਉ ਪ੍ਰਸਾਦਿ ਮੇਰਾ ਪਿਰੁ ਮਿਲੈ ॥੨॥ ਸੇਜ ਏਕ ਪ੍ਰਿਉ ਸੰਗਿ ਦਰਸੁ ਨ ਪਾਈਐ ਰਾਮ ॥ ਅਵਗਨ ਮੋਹਿ ਅਨੇਕ ਕਤ ਮਹਲਿ ਬੁਲਾਈਐ ਰਾਮ ॥ ਨਿਰਗੁਨਿ ਨਿਮਾਣੀ ਅਨਾਥਿ ਬਿਨਵੈ ਮਿਲਹੁ ਪ੍ਰਭ ਕਿਰਪਾ ਨਿਧੇ ॥ ਭ੍ਰਮ ਭੀਤਿ ਖੋਈਐ ਸਹਜਿ ਸੋਈਐ ਪ੍ਰਭ ਪਲਕ ਪੇਖਤ ਨਵ ਨਿਧੇ ॥ ਗ੍ਰਿਹਿ ਲਾਲੁ ਆਵੈ ਮਹਲੁ ਪਾਵੈ ਮਿਲਿ ਸੰਗਿ ਮੰਗਲੁ ਗਾਈਐ ॥ ਨਾਨਕੁ ਪਇਅੰਪੈ ਸੰਤ ਸਰਣੀ ਮੋਹਿ ਦਰਸੁ ਦਿਖਾਈਐ ॥੩॥ ਸੰਤਨ ਕੈ ਪਰਸਾਦਿ ਹਰਿ ਹਰਿ ਪਾਇਆ ਰਾਮ ॥ ਇਛ ਪੁੰਨੀ ਮਨਿ ਸਾਂਤਿ ਤਪਤਿ ਬੁਝਾਇਆ ਰਾਮ ॥ ਸਫਲਾ ਸੁ ਦਿਨਸ ਰੈਣੇ ਸੁਹਾਵੀ ਅਨਦ ਮੰਗਲ ਰਸੁ ਘਨਾ ॥ ਪ੍ਰਗਟੇ ਗੁਪਾਲ ਗੋਬਿੰਦ ਲਾਲਨ ਕਵਨ ਰਸਨਾ ਗੁਣ ਭਨਾ ॥ ਭ੍ਰਮ ਲੋਭ ਮੋਹ ਬਿਕਾਰ ਥਾਕੇ ਮਿਲਿ ਸਖੀ ਮੰਗਲੁ ਗਾਇਆ ॥ ਨਾਨਕੁ ਪਇਅੰਪੈ ਸੰਤ ਜੰਪੈ ਜਿਨਿ ਹਰਿ ਹਰਿ ਸੰਜੋਗਿ ਮਿਲਾਇਆ ॥੪॥੨॥ (ਅੰਗ ੫੪੨-੫੪੩)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ (੭੦੬)

ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ (ਅੰਗ ੬੭੩)

ਅਰਥ: (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥ ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥ ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਹੇ ਨਾਨਕ ਜੀ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ (ਅੰਗ ੮੭੭)

ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ। (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧।(ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨।ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩।ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥੧॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥੨॥ ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ ਸੰਤ ਕੋ ਮਾਈ ਬਾਪ ॥੩॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨਰਾਇਣ ਗਾਇਣ ॥ ਬਸਤੁ ਅਗੋਚਰ ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥ (ਅੰਗ ੮੬੮)

ਅਰਥ: ਹੇ ਭਾਈ! ਨਾਰਾਇਣ ਦਾ ਨਾਮ ਮਾਇਆ ਦੀ ਕਾਲਖ ਤੋਂ ਬਚਾਣ ਵਾਲਾ (ਹੈ, ਇਸ ਨੂੰ ਆਪਣੇ ਹਿਰਦੇ ਵਿਚ) ਸਿੰਜ। (ਇਹ ਨਾਮ) ਜੀਭ ਨਾਲ ਜਪਦਿਆਂ (ਸਾਰੇ) ਪਾਪ ਦੂਰ ਹੋ ਜਾਂਦੇ ਹਨ।੧।ਰਹਾਉ। ਹੇ ਭਾਈ! ਸਭ ਜੀਵਾਂ ਵਿਚ ਨਾਰਾਇਣ ਦਾ ਨਿਵਾਸ ਹੈ, ਹਰੇਕ ਸਰੀਰ ਵਿਚ ਨਾਰਾਇਣ (ਦੀ ਜੋਤਿ) ਦਾ ਹੀ ਚਾਨਣ ਹੈ। ਨਾਰਾਇਣ (ਦਾ ਨਾਮ) ਜਪਣ ਵਾਲੇ ਜੀਵ ਨਰਕ ਵਿਚ ਨਹੀਂ ਪੈਂਦੇ। ਨਾਰਾਇਣ ਦੀ ਭਗਤੀ ਕਰ ਕੇ ਸਾਰੇ ਫਲ ਪ੍ਰਾਪਤ ਕਰ ਲੈਂਦੇ ਹਨ।੧। ਹੇ ਭਾਈ! ਨਾਰਾਇਣ (ਦੇ ਨਾਮ) ਨੂੰ (ਆਪਣੇ) ਮਨ ਵਿਚ ਆਸਰਾ ਬਣਾ ਲੈ, ਨਾਰਾਇਣ (ਦਾ ਨਾਮ) ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਲਈ ਜਹਾਜ਼ ਹੈ। ਨਾਰਾਇਣ ਦਾ ਨਾਮ ਜਪਦਿਆਂ ਜਮ ਭੱਜ ਕੇ ਪਰੇ ਚਲਾ ਜਾਂਦਾ ਹੈ। ਨਾਰਾਇਣ (ਦਾ ਨਾਮ ਮਾਇਆ) ਡੈਣ ਦੇ ਦੰਦ ਭੰਨ ਦੇਂਦਾ ਹੈ।੨। ਹੇ ਭਾਈ! ਨਾਰਾਇਣ ਸਦਾ ਹੀ ਬਖ਼ਸ਼ਣਹਾਰ ਹੈ। ਨਾਰਾਇਣ (ਆਪਣੇ ਸੇਵਕਾਂ ਦੇ ਹਿਰਦੇ ਵਿਚ) ਸੁਖ ਆਨੰਦ ਪੈਦਾ ਕਰਦਾ ਹੈ, (ਉਹਨਾਂ ਦੇ ਅੰਦਰ ਆਪਣਾ) ਤੇਜ-ਪਰਤਾਪ ਪਰਗਟ ਕਰਦਾ ਹੈ। ਹੇ ਭਾਈ! ਨਾਰਾਇਣ ਆਪਣੇ ਸੇਵਕਾਂ ਸੰਤਾਂ ਦਾ ਮਾਂ ਪਿਉ (ਵਾਂਗ ਰਾਖਾ) ਹੈ।੩। ਹੇ ਭਾਈ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ ਸਦਾ ਨਾਰਾਇਣ ਦਾ ਨਾਮ ਜਪਦੇ ਹਨ, ਮੁੜ ਮੁੜ ਉਸ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਮਨੁੱਖ ਗੁਰੂ ਨੂੰ ਮਿਲ ਕੇ (ਉਹ ਮਿਲਾਪ-ਰੂਪ ਕੀਮਤੀ) ਚੀਜ਼ ਲੱਭ ਲੈਂਦੇ ਹਨ ਜੇਹੜੀ ਇਹਨਾਂ ਇੰਦਰਿਆਂ ਦੀ ਪਹੁੰਚ ਤੋਂ ਪਰੇ ਹੈ। ਹੇ ਨਾਨਕ! ਨਾਰਾਇਣ ਦੇ ਦਾਸ ਸਦਾ ਨਾਰਾਇਣ ਦਾ ਆਸਰਾ ਲਈ ਰੱਖਦੇ ਹਨ।੪।੧੭।੧੯।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥ (ਅੰਗ ੮੨੩)

ਅਰਥ: (ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ। (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ।੧।ਰਹਾਉ। ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ-(ਇਹ ਹਨ ਜੀਵਾਂ ਦੀਆਂ ਕਰਤੂਤਾਂ) । ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (-ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ। ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ।੧। ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ) । ਹੇ ਨਾਨਕ ਜੀ! ਆਖੋ-ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ।੨।੧੦।੯੬।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥ (ਅੰਗ ੫੪੫)

ਅਰਥ: ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ। ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ। ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ) ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ( ਗੁਰੂ ਨਾਨਕ ਜੀ ਕਹਿੰਦੇ ਹਨ) ਨਾਨਕ ਬੇਨਤੀ ਕਰਦਾ ਹੈ ਕਿ ਹੇ ਜਿੰਦ ਤੋਂ ਪਿਆਰੇ, ਮੇਹਰ ਕਰ ਕੇ ਮੈਨੂੰ ਆ ਮਿਲ! ॥੧॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ (ਅੰਗ ੬੪੭)

ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ)। ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧। ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ। ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ। ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ। ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।