ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਆਸਾ ਮਹਲਾ ੪ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥ ਮਸਤਕਿ ਮਣੀਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥ ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥ ਤਿਨੑ ਹਮ ਚਰਣ ਸਰੇਵਹ ਖਿਨੁ ਖਿਨੁ ਪਗ ਧੋਵਹ ਜਿਨ ਹਰਿ ਮੀਠ ਲਗਾਨ ਜੀਉ ॥ ਹਰਿ ਮੀਠਾ ਲਾਇਆ ਪਰਮ ਸੁਖ ਪਾਇਆ ਮੁਖਿ ਭਾਗਾ ਰਤੀ ਚਾਰੇ ॥ ਗੁਰਮਤਿ ਹਰਿ ਗਾਇਆ ਹਰਿ ਹਾਰੁ ਉਰਿ ਪਾਇਆ ਹਰਿ ਨਾਮਾ ਕੰਠਿ ਧਾਰੇ ॥ ਸਭ ਏਕ ਦ੍ਰਿਸਟਿ ਸਮਤੁ ਕਰਿ ਦੇਖੈ ਸਭੁ ਆਤਮ ਰਾਮੁ ਪਛਾਨ ਜੀਉ ॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥੨॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥ ਹਰਿ ਹਰਿ ਆਰਾਧਿਆ ਗੁਰ ਸਬਦਿ ਵਿਗਾਸਿਆ ਬੀਜਾ ਅਵਰੁ ਨ ਕੋਇ ਜੀਉ ॥ ਅਵਰੁ ਨ ਕੋਇ ਹਰਿ ਅੰਮ੍ਰਿਤੁ ਸੋਇ ਜਿਨਿ ਪੀਆ ਸੋ ਬਿਧਿ ਜਾਣੈ ॥ ਧਨੁ ਧੰਨੁ ਗੁਰੂ ਪੂਰਾ ਪ੍ਰਭੁ ਪਾਇਆ ਲਗਿ ਸੰਗਤਿ ਨਾਮੁ ਪਛਾਣੈ ॥ ਨਾਮੋ ਸੇਵਿ ਨਾਮੋ ਆਰਾਧੈ ਬਿਨੁ ਨਾਮੈ ਅਵਰੁ ਨ ਕੋਇ ਜੀਉ ॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥੩॥ ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥ ਮੋਹ ਚੀਕੜਿ ਫਾਥੇ ਨਿਘਰਤ ਹਮ ਜਾਤੇ ਹਰਿ ਬਾਂਹ ਪ੍ਰਭੂ ਪਕਰਾਇ ਜੀਉ ॥ ਪ੍ਰਭਿ ਬਾਂਹ ਪਕਰਾਈ ਊਤਮ ਮਤਿ ਪਾਈ ਗੁਰ ਚਰਣੀ ਜਨੁ ਲਾਗਾ ॥ ਹਰਿ ਹਰਿ ਨਾਮੁ ਜਪਿਆ ਆਰਾਧਿਆ ਮੁਖਿ ਮਸਤਕਿ ਭਾਗੁ ਸਭਾਗਾ ॥ ਜਨ ਨਾਨਕ ਹਰਿ ਕਿਰਪਾ ਧਾਰੀ ਮਨਿ ਹਰਿ ਹਰਿ ਮੀਠਾ ਲਾਇ ਜੀਉ ॥ ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥੪॥੫॥੧੨॥ (ਅੰਗ ੪੪੬)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ (ਅੰਗ ੪੮੯)

ਅਰਥ: (ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ, (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ॥੧॥ ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ॥੧॥ ਰਹਾਉ॥ ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ॥੨॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ੳੂਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥ (ਅੰਗ ੬੭੮)

ਅਰਥ: (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥ (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ॥੩॥ ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਹੇ ਨਾਨਕ ਜੀ! ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ॥੪॥੪॥੨੮॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ (ਅੰਗ ੬੬੪)

ਅਰਥ: ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥ ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ (ਅੰਗ ੬੪੮)

ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ (ਅੰਗ ੬੮੩)

ਅਰਥ : ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥ ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥ ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ ਜੀ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥ (ਅੰਗ ੮੭੧)

ਅਰਥ: (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ) ।੧।ਰਹਾਉ। (ਪਰ ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ) । (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, (ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੁਹਣੀ ਬਣੀ ਰਹਿੰਦੀ ਹੈ) । (ਇਸ ਨੂੰ ਵੇਖ ਵੇਖ ਕੇ) ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ (ਵਾਂਗ) ਦਿੱਸਦੀ ਹੈ। ਵੇਸਵਾ (ਵਾਂਗ) ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ (ਸੰਤਾਂ ਤੋਂ) ਪਰੇ ਪਰੇ ਹੀ ਫਿਰਦੀ ਹੈ।੨। (ਇਹ ਮਾਇਆ) ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ (ਸੰਤਾਂ ਉੱਤੇ) ਗੁਰੂ ਦੀ ਮਿਹਰ ਹੋਣ ਕਰ ਕੇ (ਇਹ ਸੰਤਾਂ ਦੀ) ਮਾਰ ਤੋਂ ਭੀ ਡਰਦੀ ਹੈ (ਇਸ ਵਾਸਤੇ ਨੇੜੇ ਨਹੀਂ ਢੁੱਕਦੀ) । ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ।੩। ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ। ਹੇ ਕਬੀਰ! ਹੁਣ ਤੂੰ ਬੇਸ਼ੱਕ ਆਖ-ਮੈਥੋਂ ਤਾਂ ਇਹ ਮਾਇਆ ਪਰੇ ਹਟ ਗਈ ਹੈ, ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ।੪।੪।੭।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ (ਅੰਗ ੬੯੬)

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ (ਅੰਗ ੬੩੯)

ਅਰਥ: ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ॥ ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।

*ਸੰਗਰਾਂਦ ਹੁਕਮਨਾਮਾ*

ਭਾਦੋਂ

ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ (ਅੰਗ ੬੩੩)

ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ ॥੧॥ ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤ-ਸਾਲਾਹ (ਇਸ ਨੇ) ਭੁਲਾਈ ਹੋਈ ਹੈ ॥੨॥ ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ ਜੀ! (ਆਖੋ – ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ ॥੩॥੯॥