ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ (ਅੰਗ ੭੦੮)

ਅਰਥ: ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ ਜੀ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ॥੨॥ ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਪਰਮਾਤਮਾ ਨੂੰ ਛੱਡ ਕੇ ਜੇ ਮਨ ਹੋਰ ਪਾਸੇ ਲਗਾਇਆਂ ਨਰਕ ਵਿੱਚ ਸਮਾਈਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ ॥੧੦॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥ (ਅੰਗ ੭੦੩)

ਅਰਥ : ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥ (ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਨਾਨਕ ਜੀ! (ਆਖੋ-) ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ॥੩॥੨॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥ (ਅੰਗ ੯੬੧)

ਅਰਥ: ਹੇ ਕਿਰਪਾਲ (ਪ੍ਰਭੂ) ! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ। (ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ ਉਤੇ ਜ਼ੋਰ ਨਾ ਪਾ ਸਕੇ। (ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਮੇਰੇ ਗੁਣ ਗਾਂਦਾ ਰਹਾਂ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈ ਦਾ ਰੋਗ ਕੱਟਿਆ ਜਾਏ। (ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇ ਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ। ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼, (ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇ ਖਿੜਿਆ ਰਹਾਂ।1।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੂਹੀ ਮਹਲਾ ੧ ਘਰੁ ੬

ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ੍॥ ਸੇ ਫਲ ਕੰਮਿ ਨ ਆਵਨੀ੍ ਤੇ ਗੁਣ ਮੈ ਤਨਿ ਹੰਨਿ੍ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ (ਅੰਗ ੭੨੯)

ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥ ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ॥੨॥ ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ॥੪॥ ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ ? ॥੫॥ ਹੇ ਨਾਨਕ ਜੀ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ (ਅੰਗ ੭੦੯)

ਅਰਥ: ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਜੈਤਸਰੀ ਮਹਲਾ ੫

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ (ਅੰਗ ੭੦੬)

ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਰਾਮਕਲੀ ਮਹਲਾ ੫ ॥ ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥ ਪੁਤੁ ਕਲਤ੍ਰੁ ਲਖਿਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ॥ ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ ॥੧॥ ਨਿੰਦਾ ਕਰਿ ਕਰਿ ਬਹੁਤੁ ਵਿਗੂਤਾ ਗਰਭ ਜੋਨਿ ਮਹਿ ਕਿਰਤਿ ਪਇਆ ॥ ਪੁਰਬ ਕਮਾਣੇ ਛੋਡਹਿ ਨਾਹੀ ਜਮਦੂਤਿ ਗ੍ਰਾਸਿਓ ਮਹਾ ਭਇਆ ॥੨॥ ਬੋਲੈ ਝੂਠੁ ਕਮਾਵੈ ਅਵਰਾ ਤ੍ਰਿਸਨ ਨ ਬੂਝੈ ਬਹੁਤੁ ਹਇਆ ॥ ਅਸਾਧ ਰੋਗੁ ਉਪਜਿਆ ਸੰਤ ਦੂਖਨਿ ਦੇਹ ਬਿਨਾਸੀ ਮਹਾ ਖਇਆ ॥੩॥ਜਿਨਹਿ ਨਿਵਾਜੇ ਤਿਨ ਹੀ ਸਾਜੇ ਆਪੇ ਕੀਨੇ ਸੰਤ ਜਇਆ ॥ ਨਾਨਕ ਦਾਸ ਕੰਠਿ ਲਾਇ ਰਾਖੇ ਕਰਿ ਕਿਰਪਾ ਪਾਰਬ੍ਰਹਮ ਮਇਆ ॥੪॥੪੪॥੫੫॥ (ਅੰਗ ੯੦੦)

ਅਰਥ: ਹੇ ਭਾਈ! ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੋ ਰਿਹਾ ਹੈ। (ਇਸ ਵਾਸਤੇ) ਸਦਾ ਹੀ ਉਸ ਪ੍ਰਭੂ ਦੀ ਸਰਨ ਪਿਆ ਰਹੁ। ਪ੍ਰਭੂ ਤੋਂ ਬਿਨਾ ਕੋਈ ਹੋਰ ਦੂਜਾ (ਕੁਝ ਕਰਨ-ਜੋਗਾ) ਨਹੀਂ ਹੈ।੧।ਰਹਾਉ। ਹੇ ਭਾਈ! ਪੁੱਤਰ, ਇਸਤ੍ਰੀ, ਮਾਇਆ-ਇਹ ਜੋ ਕੁਝ ਦਿੱਸ ਰਿਹਾ ਹੈ, ਇਹਨਾਂ ਵਿਚੋਂ ਕੁਝ ਭੀ (ਅੰਤ ਵੇਲੇ ਜੀਵ) ਆਪਣੇ ਨਾਲ ਨਹੀਂ ਲੈ ਜਾਂਦਾ। ਵਿਸ਼ੇ-ਵਿਕਾਰਾਂ ਦੀ ਠਗਬੂਟੀ ਖਾ ਕੇ ਜੀਵ ਕੁਰਾਹੇ ਪਿਆ ਰਹਿੰਦਾ ਹੈ, ਆਖ਼ਰ ਇਹ ਮਾਇਆ, ਇਹ ਸੋਹਣਾ ਘਰ (ਸਭ ਕੁਝ) ਛੱਡ ਕੇ ਤੁਰ ਜਾਂਦਾ ਹੈ।੧।

ਹੇ ਭਾਈ! ਜੀਵ ਦੂਜਿਆਂ ਦੀ ਨਿੰਦਾ ਕਰ ਕਰ ਕੇ ਬਹੁਤ ਖ਼ੁਆਰ ਹੁੰਦਾ ਰਹਿੰਦਾ ਹੈ, ਤੇ ਆਪਣੇ ਇਸ ਕੀਤੇ ਅਨੁਸਾਰ ਜਨਮ ਮਰਨ ਦੇ ਗੇੜ ਵਿਚ ਜਾ ਪੈਂਦਾ ਹੈ। (ਇਹ ਆਮ ਅਸੂਲ ਦੀ ਗੱਲ ਹੈ ਕਿ) ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰ ਜੀਵ ਨੂੰ ਛੱਡਦੇ ਨਹੀਂ ਹਨ, ਤੇ ਵੱਡਾ ਭਿਆਨਕ ਜਮਦੂਤ ਇਸ ਨੂੰ ਕਾਬੂ ਕਰੀ ਰੱਖਦਾ ਹੈ। (ਮਾਇਆ ਦੇ ਮੋਹ ਦੀ ਠਗਬੂਟੀ ਖਾ ਕੇ ਮਾਇਆ ਦੀ ਖ਼ਾਤਰ ਜੀਵ) ਝੂਠ ਬੋਲਦਾ ਹੈ (ਮੂੰਹੋਂ ਆਖਦਾ ਹੋਰ ਹੈ, ਤੇ) ਕਮਾਂਦਾ ਕੁਝ ਹੋਰ ਹੈ, ਇਸ ਦੀ ਮਾਇਆ ਦੀ ਤ੍ਰਿਸ਼ਨਾ ਬੁੱਝਦੀ ਨਹੀਂ, ਮਾਇਆ ਦੀ ‘ਹਾਇ ਹਾਇ’ ਸਦਾ ਇਸ ਨੂੰ ਲੱਗੀ ਰਹਿੰਦੀ ਹੈ।

ਸੰਤ ਜਨਾਂ ਦੀ ਨਿੰਦਾ ਕਰਨ ਦੇ ਕਾਰਨ (ਮਾਇਆ ਦੀ ਤ੍ਰਿਸ਼ਨਾ ਦਾ) ਲਾ-ਇਲਾਜ ਰੋਗ (ਜੀਵ ਦੇ ਅੰਦਰ) ਪੈਦਾ ਹੋ ਜਾਂਦਾ ਹੈ, ਇਸ ਵੱਡੇ ਖਈ ਰੋਗ ਦੇ ਵਿਚ ਹੀ ਇਸ ਦਾ ਸਰੀਰ ਨਾਸ ਹੋ ਜਾਂਦਾ ਹੈ।੩। (ਪਰ, ਹੇ ਭਾਈ! ਸੰਤ ਜਨਾਂ ਦੀ ਨਿੰਦਾ ਤੋਂ ਜੀਵ ਨੂੰ ਹਾਸਲ ਕੁਝ ਨਹੀਂ ਹੁੰਦਾ) ਪ੍ਰਭੂ ਨੇ ਆਪ ਹੀ ਸੰਤ ਜਨਾਂ ਨੂੰ ਜਿੱਤ ਦਾ ਮਾਲਕ ਬਣਾਇਆ ਹੁੰਦਾ ਹੈ, ਉਹਨਾਂ ਨੂੰ ਉਸੇ ਪ੍ਰਭੂ ਨੇ ਪੈਦਾ ਕੀਤਾ ਹੋਇਆ ਹੈ ਜਿਸ ਨੇ ਉਹਨਾਂ ਨੂੰ ਆਦਰ-ਸਤਕਾਰ ਦਿੱਤਾ ਹੋਇਆ ਹੈ। ਹੇ ਨਾਨਕ! ਪਰਮਾਤਮਾ ਮਿਹਰ ਕਰ ਕੇ ਦਇਆ ਕਰ ਕੇ ਆਪਣੇ ਦਾਸਾਂ ਨੂੰ ਆਪ ਹੀ ਆਪਣੇ ਗਲ ਨਾਲ ਲਾਈ ਰੱਖਦਾ ਹੈ।੪।੪੪।੫੫।