ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ (ਅੰਗ ੬੮੨)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ (ਅੰਗ ੬੩੯)

ਅਰਥ: ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ॥ ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥ (ਅੰਗ ੬੨੪)

ਅਰਥ: ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ॥੧॥ ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ॥ ਰਹਾਉ ॥ ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ॥੨॥ ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ॥੩॥ ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਦਾਸ ਨਾਨਕ ਜੀ! (ਆਖੋ – ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ॥੪॥੧੨॥੬੨॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥

ਅਰਥ: ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ । (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।੨। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ । ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ । ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ । ਹੇ ਨਾਨਕ! (ਆਖ—) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ।੪।੧।੭।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ (ਅੰਗ ੬੭੧)

ਅਰਥ: ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਨਾਨਕ ਜੀ ਆਖਦੇ ਹਨ – ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ (ਅੰਗ ੫੬੧)

ਅਰਥ: ਰਾਗ ਵਡਹੰਸ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਤੇਰਾ ਦਰਸਨ ਕਰ ਸਕਾਂ। ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ ਤੇ ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ ॥੧॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨ੍ਹ੍ਹੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥ (ਅੰਗ ੫੦੧)

ਅਰਥ:- ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ।1। ਰਹਾਉ। ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ।1। ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕ੍ਰੋਧ ਅਹੰਕਾਰ ਨਾਸ ਹੋ ਜਾਇਗਾ, ਤੇਰਾ ਹਰੇਕ ਰੋਗ ਦੂਰ ਹੋ ਜਾਇਗਾ।2। ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ।3। ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰਿ-ਨਾਮ ਦੇ ਦਿੱਤਾ। ਹੇ ਨਾਨਕ! (ਆਖ—ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ।4।2। 28।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਰਾਗੁ ਬਿਹਾਗੜਾ ਮਹਲਾ ੫ ॥ ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥ ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥ ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥ ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥ ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥੧॥ ਲਾਖ ਉਲਾਹਨੇ ਮੋਹਿ ਹਰਿ ਜਬ ਲਗੁ ਨਹ ਮਿਲੈ ਰਾਮ ॥ ਮਿਲਨ ਕਉ ਕਰਉ ਉਪਾਵ ਕਿਛੁ ਹਮਾਰਾ ਨਹ ਚਲੈ ਰਾਮ ॥ ਚਲ ਚਿਤ ਬਿਤ ਅਨਿਤ ਪ੍ਰਿਅ ਬਿਨੁ ਕਵਨ ਬਿਧੀ ਨ ਧੀਜੀਐ ॥ ਖਾਨ ਪਾਨ ਸੀਗਾਰ ਬਿਰਥੇ ਹਰਿ ਕੰਤ ਬਿਨੁ ਕਿਉ ਜੀਜੀਐ ॥ ਆਸਾ ਪਿਆਸੀ ਰੈਨਿ ਦਿਨੀਅਰੁ ਰਹਿ ਨ ਸਕੀਐ ਇਕੁ ਤਿਲੈ ॥ ਨਾਨਕੁ ਪਇਅੰਪੈ ਸੰਤ ਦਾਸੀ ਤਉ ਪ੍ਰਸਾਦਿ ਮੇਰਾ ਪਿਰੁ ਮਿਲੈ ॥੨॥ ਸੇਜ ਏਕ ਪ੍ਰਿਉ ਸੰਗਿ ਦਰਸੁ ਨ ਪਾਈਐ ਰਾਮ ॥ ਅਵਗਨ ਮੋਹਿ ਅਨੇਕ ਕਤ ਮਹਲਿ ਬੁਲਾਈਐ ਰਾਮ ॥ ਨਿਰਗੁਨਿ ਨਿਮਾਣੀ ਅਨਾਥਿ ਬਿਨਵੈ ਮਿਲਹੁ ਪ੍ਰਭ ਕਿਰਪਾ ਨਿਧੇ ॥ ਭ੍ਰਮ ਭੀਤਿ ਖੋਈਐ ਸਹਜਿ ਸੋਈਐ ਪ੍ਰਭ ਪਲਕ ਪੇਖਤ ਨਵ ਨਿਧੇ ॥ ਗ੍ਰਿਹਿ ਲਾਲੁ ਆਵੈ ਮਹਲੁ ਪਾਵੈ ਮਿਲਿ ਸੰਗਿ ਮੰਗਲੁ ਗਾਈਐ ॥ ਨਾਨਕੁ ਪਇਅੰਪੈ ਸੰਤ ਸਰਣੀ ਮੋਹਿ ਦਰਸੁ ਦਿਖਾਈਐ ॥੩॥ ਸੰਤਨ ਕੈ ਪਰਸਾਦਿ ਹਰਿ ਹਰਿ ਪਾਇਆ ਰਾਮ ॥ ਇਛ ਪੁੰਨੀ ਮਨਿ ਸਾਂਤਿ ਤਪਤਿ ਬੁਝਾਇਆ ਰਾਮ ॥ ਸਫਲਾ ਸੁ ਦਿਨਸ ਰੈਣੇ ਸੁਹਾਵੀ ਅਨਦ ਮੰਗਲ ਰਸੁ ਘਨਾ ॥ ਪ੍ਰਗਟੇ ਗੁਪਾਲ ਗੋਬਿੰਦ ਲਾਲਨ ਕਵਨ ਰਸਨਾ ਗੁਣ ਭਨਾ ॥ ਭ੍ਰਮ ਲੋਭ ਮੋਹ ਬਿਕਾਰ ਥਾਕੇ ਮਿਲਿ ਸਖੀ ਮੰਗਲੁ ਗਾਇਆ ॥ ਨਾਨਕੁ ਪਇਅੰਪੈ ਸੰਤ ਜੰਪੈ ਜਿਨਿ ਹਰਿ ਹਰਿ ਸੰਜੋਗਿ ਮਿਲਾਇਆ ॥੪॥੨॥ (ਅੰਗ ੫੪੨-੫੪੩)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ (੭੦੬)

ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ (ਅੰਗ ੬੭੩)

ਅਰਥ: (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥ ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥ ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਹੇ ਨਾਨਕ ਜੀ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥