ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ (ਅੰਗ ੬੮੦)

ਅਰਥ: ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ (ਅੰਗ ੬੫੨)

ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ,ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥ ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ। ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ। ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ। ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਨਾਨਕ ਜੀ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ॥੨॥ ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ। ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ। ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਨਾਨਕ ਜੀ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ॥੨੬॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ (ਅੰਗ ੬੭੩)

ਅਰਥ: ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥ ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ (ਅੰਗ ੬੮੮)

ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ ਜੀ! (ਉਸ ਦੇ ਦਰ ਤੇ ਅਰਦਾਸ ਕਰੋ, ਤੇ ਆਖੋ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤ-ਸਾਲਾਹ ਬਖ਼ਸ਼) ॥੧॥ ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ)। ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ ਜੀ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰੋ ਤੇ ਆਖੋ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ॥੨॥ ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ। ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ। ਹੇ ਨਾਨਕ ਜੀ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ॥੩॥ ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ। ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ)। ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ)। ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ। ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ। ਹੇ ਨਾਨਕ ਜੀ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ॥੪॥ ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ। (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ)। ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ। ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ। ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ। ਹੇ ਨਾਨਕ ਜੀ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ ॥੫॥੨॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ (ਅੰਗ ੬੭੫)

ਅਰਥ: ਹੇ ਭਾਈ! (ਉਸ ਗੁਰੂ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) ॥੧॥ ਰਹਾਉ॥ (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ॥੧॥ ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਹੇ ਨਾਨਕ! ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ॥੨॥੧੭॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਿਣ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥ (ਅੰਗ ੬੫੧)

ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! (ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਨਾਨਕ ਜੀ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ ॥੧॥ ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਨਾਨਕ ਜੀ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ ॥੨॥ ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ। ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ ॥੨੩॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ (ਅੰਗ ੭੦੬)

ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੇ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ॥ ਦੂਜਾ ॥੧॥੩॥ (ਅੰਗ ੬੮੬)

ਅਰਥ: ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।੧। ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ । ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ।੧।ਰਹਾਉ। ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ । (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ।੨। ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ । ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ।੩। ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ । (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ।੪। ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ । ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ । ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ ।੫। ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ । ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ।੬। ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ । ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ।੭। ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ । ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ । ਨਾਨਕ ਜੀ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ।੮। (ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ । ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।੧। ਰਹਾਉ । ਦੂਜਾ ।੧।੩।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ (ਅੰਗ ੬੦੧)

ਅਰਥ: ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ (ਅੰਗ ੬੦੪)

ਅਰਥ:- ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ। ਰਹਾਉ। ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।1। ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।2। ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।3। ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! (ਆਖ—) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।4।1।