ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)
ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥ (ਅੰਗ ੯੬੧)
ਅਰਥ: ਹੇ ਕਿਰਪਾਲ (ਪ੍ਰਭੂ) ! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ। (ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ ਉਤੇ ਜ਼ੋਰ ਨਾ ਪਾ ਸਕੇ। (ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਮੇਰੇ ਗੁਣ ਗਾਂਦਾ ਰਹਾਂ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈ ਦਾ ਰੋਗ ਕੱਟਿਆ ਜਾਏ। (ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇ ਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ। ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼, (ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇ ਖਿੜਿਆ ਰਹਾਂ।1।