ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)
ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥ (ਅੰਗ ੬੩੧)
ਅਰਥ: (ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੋਦੀ ਆ ਫੜੀ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ – ਇਹ ਸਭ ਕੁਝ ਨਾਸਵੰਤ ਸਮਝੋ। ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ ॥੧॥ ਹੇ ਭਾਈ! ਕਈ ਜੁਗ (ਜੂਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਜੀ ਆਖਦੇ ਹਨ – (ਹੇ ਭਾਈ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ ? ॥੨॥੨॥