ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਰਾਮਕਲੀ ਮਹਲਾ ੫ ਰੁਤੀ ਸਲੋਕੁ ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥ (ਅੰਗ ੯੨੭)

ਅਰਥ: ਰਾਗ ਰਾਮਕਲੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਰੁਤੀ ਸਲੋਕੁ’। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਨਾਨਕ! (ਆਖ-ਹੇ ਭਾਈ!) ਪਾਰਬ੍ਰਹਮ ਪ੍ਰਭੂ ਨੂੰ ਨਮਸਕਾਰ ਕਰ ਕੇ ਮੈਂ (ਉਸ ਦੇ ਦਰ ਤੋਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, ਅਤੇ ਆਪਾ-ਭਾਵ ਦੂਰ ਕਰ ਕੇ ਮੈਂ ਉਸ ਸਰਬ-ਵਿਆਪਕ ਪ੍ਰਭੂ ਦਾ ਨਾਮ ਜਪਦਾ ਹਾਂ।੧। ਪ੍ਰਭੂ ਪਾਤਿਸ਼ਾਹ ਸਾਰੇ ਪਾਪ ਕੱਟਣ ਵਾਲਾ ਹੈ, ਸਾਰੇ ਡਰ ਦੂਰ ਕਰਨ ਵਾਲਾ ਹੈ, ਸੁਖਾਂ ਦਾ ਸਮੁੰਦਰ ਹੈ, ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਗਰੀਬਾਂ ਦੇ) ਦੁੱਖ ਨਾਸ ਕਰਨ ਵਾਲਾ ਹੈ। ਹੇ ਨਾਨਕ! ਉਸ ਨੂੰ ਸਦਾ ਸਿਮਰਦਾ ਰਹੁ।੨। ਛੰਤੁ। ਹੇ ਵੱਡੇ ਭਾਗਾਂ ਵਾਲਿਓ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ। ਹੇ ਭਗਵਾਨ! (ਮੇਰੇ ਉਤੇ) ਮਿਹਰ ਕਰ (ਮੈਂ ਭੀ ਤੇਰਾ ਜਸ ਗਾਂਦਾ ਰਹਾਂ। ਹੇ ਭਾਈ! ਜਿਹੜੀਆਂ ਰੁੱਤਾਂ, ਜਿਹੜੇ ਮੁਹੂਰਤ, ਜਿਹੜੀਆਂ ਘੜੀਆਂ ਪਰਮਾਤਮਾ ਦੇ ਗੁਣ ਉਚਾਰਦਿਆਂ ਬੀਤਣ, ਉਹ ਸਮੇ ਸੋਭਾ ਵਾਲੇ ਹੁੰਦੇ ਹਨ। ਹੇ ਭਾਈ! ਜਿਹੜੇ ਬੰਦੇ ਪਰਮਾਤਮਾ ਦੇ ਗੁਣਾਂ ਦੇ ਪਿਆਰ-ਰੰਗ ਵਿਚ ਰੰਗੇ ਰਹਿੰਦੇ ਹਨ, ਜਿਨ੍ਹਾਂ ਬੰਦਿਆਂ ਨੇ ਇਕ-ਮਨ ਹੋ ਕੇ ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹ ਬੰਦੇ ਭਾਗਾਂ ਵਾਲੇ ਹਨ। ਹੇ ਭਾਈ! (ਸਿਮਰਨ ਦੀ ਬਰਕਤਿ ਨਾਲ) ਜਿਨ੍ਹਾਂ ਨੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ ਹੈ ਉਹਨਾਂ ਦਾ ਮਨੁੱਖਾ ਜੀਵਨ ਕਾਮਯਾਬ ਹੋ ਗਿਆ ਹੈ। ਹੇ ਭਾਈ! ਪਰਮਾਤਮਾ (ਦਾ ਨਾਮ) ਸਾਰੇ ਪਾਪਾਂ ਦਾ ਨਾਸ ਕਰਨ ਵਾਲਾ ਹੈ, ਕੋਈ ਪੁੰਨ-ਦਾਨ ਕੋਈ ਧਾਰਮਿਕ ਕਰਮ ਹਰਿ-ਨਾਮ ਸਿਮਰਨ ਦੇ ਬਰਾਬਰ ਨਹੀਂ ਹਨ। ਨਾਨਕ ਬੇਨਤੀ ਕਰਦਾ ਹੈ– ਹੇ ਭਾਈ! ਪਰਮਾਤਮਾ ਦਾ ਨਾਮ ਸਿਮਰ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰਦਾ ਹਾਂ। (ਸਿਮਰਨ ਦੀ ਬਰਕਤ ਨਾਲ) ਜਨਮ ਮਰਨ (ਦੇ ਗੇੜ) ਮੁੱਕ ਜਾਂਦੇ ਹਨ।੧।

0 Comment

Leave a Reply

Your email address will not be published. Required fields are marked *