ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ (ਅੰਗ ੬੯੬)

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ (ਅੰਗ ੬੩੯)

ਅਰਥ: ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ॥ ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨।

*ਸੰਗਰਾਂਦ ਹੁਕਮਨਾਮਾ*

ਭਾਦੋਂ

ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ (ਅੰਗ ੬੩੩)

ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ ॥੧॥ ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤ-ਸਾਲਾਹ (ਇਸ ਨੇ) ਭੁਲਾਈ ਹੋਈ ਹੈ ॥੨॥ ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ ਜੀ! (ਆਖੋ – ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ ॥੩॥੯॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ (ਅੰਗ ੬੬੦)

ਅਰਥ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਨਾਨਕ ਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ‘ਹੋਂਦ ਵਾਲਾ’ ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥ (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ॥੧॥ ਰਹਾਉ ॥ ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥ ਹੇ ਦਿਆਲ ਪ੍ਰਭੂ! (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ। ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ॥੧॥ ਰਹਾਉ ॥ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ॥੩॥ ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ॥੧॥ ਰਹਾਉ ॥ (ਦੁਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ ਜੀ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ॥੪॥ ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥੪॥੧॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੇ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ॥ ਦੂਜਾ ॥੧॥੩॥ (ਅੰਗ ੬੮੬)

ਅਰਥ: ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।੧। ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ । ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ।੧।ਰਹਾਉ। ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ । (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ।੨। ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ । ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ।੩। ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ । (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ।੪। ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ । ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ । ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ ।੫। ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ । ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ।੬। ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ । ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ।੭। ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ । ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ । ਨਾਨਕ ਜੀ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ।੮। (ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ । ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।੧। ਰਹਾਉ । ਦੂਜਾ ।੧।੩।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ (ਅੰਗ ੬੭੨)

ਅਰਥ: (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ ॥ ਰਹਾਉ ॥ ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ॥੨॥ ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ॥੩॥ ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ। (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ ਜੀ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ॥੪॥੬॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ (ਅੰਗ ੬੫੬)

ਅਰਥ : ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਆਖਦੇ ਹਨ – (ਹੁਣ) ਮੈਂ ਦਾਸ ਨੇ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ (ਅੰਗ ੬੫੨)

ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ,ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥ ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ। ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ। ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ। ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਨਾਨਕ ਜੀ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ॥੨॥ ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ। ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ। ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਨਾਨਕ ਜੀ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ॥੨੬॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥ (ਅੰਗ ੬੬੪)

ਅਰਥ: ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥ ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ (ਅੰਗ ੬੫੪)

ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਕਬੀਰ ਜੀ ਆਖਦੇ ਹਨ – ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥ (ਅੰਗ ੭੩੩)

ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ। (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ॥੧॥ ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ॥੧॥ ਰਹਾਉ ॥ ਹੇ ਭਾਈ! (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ ॥੨॥ ਹੇ ਭਾਈ! (ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ ॥੩॥ ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ)। ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ ॥੪॥੧॥੮॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਰਾਗ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ (ਅੰਗ ੬੯੨)

ਅਰਥ:- ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।1। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।1। ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ,ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ)।2।3।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ (ਅੰਗ ੬੯੨)

ਅਰਥ: ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ – ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥ ਅਜਾਮਲ, ਗਜ, ਗਨਿਕਾ – ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ॥੨॥ (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ)। ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ ? ॥੩॥ (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ – ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ ਜੀ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ॥੪॥੫॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ (ਅੰਗ ੭੦੮)

ਅਰਥ: ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ ਜੀ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ॥੨॥ ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਪਰਮਾਤਮਾ ਨੂੰ ਛੱਡ ਕੇ ਜੇ ਮਨ ਹੋਰ ਪਾਸੇ ਲਗਾਇਆਂ ਨਰਕ ਵਿੱਚ ਸਮਾਈਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ ॥੧੦॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥ (ਅੰਗ ੭੦੩)

ਅਰਥ : ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥ (ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਨਾਨਕ ਜੀ! (ਆਖੋ-) ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ॥੩॥੨॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥ (ਅੰਗ ੯੬੧)

ਅਰਥ: ਹੇ ਕਿਰਪਾਲ (ਪ੍ਰਭੂ) ! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ। (ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ ਉਤੇ ਜ਼ੋਰ ਨਾ ਪਾ ਸਕੇ। (ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਮੇਰੇ ਗੁਣ ਗਾਂਦਾ ਰਹਾਂ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈ ਦਾ ਰੋਗ ਕੱਟਿਆ ਜਾਏ। (ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇ ਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ। ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼, (ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇ ਖਿੜਿਆ ਰਹਾਂ।1।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੂਹੀ ਮਹਲਾ ੧ ਘਰੁ ੬

ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ੍॥ ਸੇ ਫਲ ਕੰਮਿ ਨ ਆਵਨੀ੍ ਤੇ ਗੁਣ ਮੈ ਤਨਿ ਹੰਨਿ੍ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ (ਅੰਗ ੭੨੯)

ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥ ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ॥੨॥ ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ॥੪॥ ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ ? ॥੫॥ ਹੇ ਨਾਨਕ ਜੀ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ (ਅੰਗ ੭੦੯)

ਅਰਥ: ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਜੈਤਸਰੀ ਮਹਲਾ ੫

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ (ਅੰਗ ੭੦੬)

ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਰਾਮਕਲੀ ਮਹਲਾ ੫ ॥ ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥ ਪੁਤੁ ਕਲਤ੍ਰੁ ਲਖਿਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ॥ ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ ॥੧॥ ਨਿੰਦਾ ਕਰਿ ਕਰਿ ਬਹੁਤੁ ਵਿਗੂਤਾ ਗਰਭ ਜੋਨਿ ਮਹਿ ਕਿਰਤਿ ਪਇਆ ॥ ਪੁਰਬ ਕਮਾਣੇ ਛੋਡਹਿ ਨਾਹੀ ਜਮਦੂਤਿ ਗ੍ਰਾਸਿਓ ਮਹਾ ਭਇਆ ॥੨॥ ਬੋਲੈ ਝੂਠੁ ਕਮਾਵੈ ਅਵਰਾ ਤ੍ਰਿਸਨ ਨ ਬੂਝੈ ਬਹੁਤੁ ਹਇਆ ॥ ਅਸਾਧ ਰੋਗੁ ਉਪਜਿਆ ਸੰਤ ਦੂਖਨਿ ਦੇਹ ਬਿਨਾਸੀ ਮਹਾ ਖਇਆ ॥੩॥ਜਿਨਹਿ ਨਿਵਾਜੇ ਤਿਨ ਹੀ ਸਾਜੇ ਆਪੇ ਕੀਨੇ ਸੰਤ ਜਇਆ ॥ ਨਾਨਕ ਦਾਸ ਕੰਠਿ ਲਾਇ ਰਾਖੇ ਕਰਿ ਕਿਰਪਾ ਪਾਰਬ੍ਰਹਮ ਮਇਆ ॥੪॥੪੪॥੫੫॥ (ਅੰਗ ੯੦੦)

ਅਰਥ: ਹੇ ਭਾਈ! ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੋ ਰਿਹਾ ਹੈ। (ਇਸ ਵਾਸਤੇ) ਸਦਾ ਹੀ ਉਸ ਪ੍ਰਭੂ ਦੀ ਸਰਨ ਪਿਆ ਰਹੁ। ਪ੍ਰਭੂ ਤੋਂ ਬਿਨਾ ਕੋਈ ਹੋਰ ਦੂਜਾ (ਕੁਝ ਕਰਨ-ਜੋਗਾ) ਨਹੀਂ ਹੈ।੧।ਰਹਾਉ। ਹੇ ਭਾਈ! ਪੁੱਤਰ, ਇਸਤ੍ਰੀ, ਮਾਇਆ-ਇਹ ਜੋ ਕੁਝ ਦਿੱਸ ਰਿਹਾ ਹੈ, ਇਹਨਾਂ ਵਿਚੋਂ ਕੁਝ ਭੀ (ਅੰਤ ਵੇਲੇ ਜੀਵ) ਆਪਣੇ ਨਾਲ ਨਹੀਂ ਲੈ ਜਾਂਦਾ। ਵਿਸ਼ੇ-ਵਿਕਾਰਾਂ ਦੀ ਠਗਬੂਟੀ ਖਾ ਕੇ ਜੀਵ ਕੁਰਾਹੇ ਪਿਆ ਰਹਿੰਦਾ ਹੈ, ਆਖ਼ਰ ਇਹ ਮਾਇਆ, ਇਹ ਸੋਹਣਾ ਘਰ (ਸਭ ਕੁਝ) ਛੱਡ ਕੇ ਤੁਰ ਜਾਂਦਾ ਹੈ।੧।

ਹੇ ਭਾਈ! ਜੀਵ ਦੂਜਿਆਂ ਦੀ ਨਿੰਦਾ ਕਰ ਕਰ ਕੇ ਬਹੁਤ ਖ਼ੁਆਰ ਹੁੰਦਾ ਰਹਿੰਦਾ ਹੈ, ਤੇ ਆਪਣੇ ਇਸ ਕੀਤੇ ਅਨੁਸਾਰ ਜਨਮ ਮਰਨ ਦੇ ਗੇੜ ਵਿਚ ਜਾ ਪੈਂਦਾ ਹੈ। (ਇਹ ਆਮ ਅਸੂਲ ਦੀ ਗੱਲ ਹੈ ਕਿ) ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰ ਜੀਵ ਨੂੰ ਛੱਡਦੇ ਨਹੀਂ ਹਨ, ਤੇ ਵੱਡਾ ਭਿਆਨਕ ਜਮਦੂਤ ਇਸ ਨੂੰ ਕਾਬੂ ਕਰੀ ਰੱਖਦਾ ਹੈ। (ਮਾਇਆ ਦੇ ਮੋਹ ਦੀ ਠਗਬੂਟੀ ਖਾ ਕੇ ਮਾਇਆ ਦੀ ਖ਼ਾਤਰ ਜੀਵ) ਝੂਠ ਬੋਲਦਾ ਹੈ (ਮੂੰਹੋਂ ਆਖਦਾ ਹੋਰ ਹੈ, ਤੇ) ਕਮਾਂਦਾ ਕੁਝ ਹੋਰ ਹੈ, ਇਸ ਦੀ ਮਾਇਆ ਦੀ ਤ੍ਰਿਸ਼ਨਾ ਬੁੱਝਦੀ ਨਹੀਂ, ਮਾਇਆ ਦੀ ‘ਹਾਇ ਹਾਇ’ ਸਦਾ ਇਸ ਨੂੰ ਲੱਗੀ ਰਹਿੰਦੀ ਹੈ।

ਸੰਤ ਜਨਾਂ ਦੀ ਨਿੰਦਾ ਕਰਨ ਦੇ ਕਾਰਨ (ਮਾਇਆ ਦੀ ਤ੍ਰਿਸ਼ਨਾ ਦਾ) ਲਾ-ਇਲਾਜ ਰੋਗ (ਜੀਵ ਦੇ ਅੰਦਰ) ਪੈਦਾ ਹੋ ਜਾਂਦਾ ਹੈ, ਇਸ ਵੱਡੇ ਖਈ ਰੋਗ ਦੇ ਵਿਚ ਹੀ ਇਸ ਦਾ ਸਰੀਰ ਨਾਸ ਹੋ ਜਾਂਦਾ ਹੈ।੩। (ਪਰ, ਹੇ ਭਾਈ! ਸੰਤ ਜਨਾਂ ਦੀ ਨਿੰਦਾ ਤੋਂ ਜੀਵ ਨੂੰ ਹਾਸਲ ਕੁਝ ਨਹੀਂ ਹੁੰਦਾ) ਪ੍ਰਭੂ ਨੇ ਆਪ ਹੀ ਸੰਤ ਜਨਾਂ ਨੂੰ ਜਿੱਤ ਦਾ ਮਾਲਕ ਬਣਾਇਆ ਹੁੰਦਾ ਹੈ, ਉਹਨਾਂ ਨੂੰ ਉਸੇ ਪ੍ਰਭੂ ਨੇ ਪੈਦਾ ਕੀਤਾ ਹੋਇਆ ਹੈ ਜਿਸ ਨੇ ਉਹਨਾਂ ਨੂੰ ਆਦਰ-ਸਤਕਾਰ ਦਿੱਤਾ ਹੋਇਆ ਹੈ। ਹੇ ਨਾਨਕ! ਪਰਮਾਤਮਾ ਮਿਹਰ ਕਰ ਕੇ ਦਇਆ ਕਰ ਕੇ ਆਪਣੇ ਦਾਸਾਂ ਨੂੰ ਆਪ ਹੀ ਆਪਣੇ ਗਲ ਨਾਲ ਲਾਈ ਰੱਖਦਾ ਹੈ।੪।੪੪।੫੫।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama from Sachkhand Sri Harimandir Sahib)

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ (ਅੰਗ ੬੨੮)

ਵਿਆਖਿਆ:- (ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ॥੧॥ ਰਹਾਉ ॥ ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੨॥ ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ॥੩॥ (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ॥੪॥੧੫॥੭੯॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama from Sachkhand Sri Harimandir Sahib)

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ (ਅੰਗ ੬੩੭)

ਅਰਥ : ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama from Sachkhand Sri Harimandir Sahib)

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ (ਅੰਗ ੬੭੨)

ਅਰਥ: (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ ॥ ਰਹਾਉ ॥ ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ॥੨॥ ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ॥੩॥ ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ। (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ ਜੀ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ॥੪॥੬॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama from Sachkhand Sri Harimandir Sahib)

ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥ (ਅੰਗ ੭੩੫)

ਅਰਥ: ਰਾਗ ਸੂਹੀ, ਘਰ ੭ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ? ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਮਾਲਕ ਹੈਂ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ॥੧॥ ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ ॥੧॥ ਰਹਾਉ॥ ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ ॥੨॥ ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! (ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ ॥੩॥ ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ ॥੪॥੧॥੧੨॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama from Sachkhand Sri Harimandir Sahib)

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ (ਅੰਗ ੭੦੮)

ਅਰਥ: ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ ਜੀ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ॥੨॥ ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਪਰਮਾਤਮਾ ਨੂੰ ਛੱਡ ਕੇ ਜੇ ਮਨ ਹੋਰ ਪਾਸੇ ਲਗਾਇਆਂ ਨਰਕ ਵਿੱਚ ਸਮਾਈਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ ॥੧੦॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama from Sachkhand Sri Harimandir Sahib)

ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ (ਅੰਗ ੬੧੭)

ਅਰਥ: ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama from Sachkhand Sri Harimandir Sahib)

ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥ (ਅੰਗ ੬੦੯)

ਅਰਥ: ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ ॥੧॥ ਹੇ ਮਨੁੱਖ! (ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ ॥ ਰਹਾਉ॥ ਹੇ ਭਾਈ! (ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ। ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ ॥੨॥ ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ। ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ।੩।ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ। ਹੇ ਦਾਸ ਨਾਨਕ! ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ।੪।੪।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama from Sachkhand Sri Harimandir Sahib)

ਧਨਾਸਰੀ ਮਹਲਾ ੩ ॥ ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਸਬਦਿ ਵਸੈ ਮਨਿ ਆਇ ॥੧॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥ ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥ ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥ ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥ ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥ ਨ ਸਬਦੁ ਬੂਝੈ ਨ ਜਾਣੈ ਬਾਣੀ ॥ ਮਨਮੁਖਿ ਅੰਧੇ ਦੁਖਿ ਵਿਹਾਣੀ ॥ ਸਤਿਗੁਰੁ ਭੇਟੇ ਤਾ ਸੁਖੁ ਪਾਏ ॥ ਹਉਮੈ ਵਿਚਹੁ ਠਾਕਿ ਰਹਾਏ ॥੩॥ ਕਿਸ ਨੋ ਕਹੀਐ ਦਾਤਾ ਇਕੁ ਸੋਇ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਾ ਭਾਵਾ ॥੪॥੫॥ (ਅੰਗ ੬੬੫)

ਅਰਥ: (ਹੇ ਭਾਈ! ਗੁਰਬਾਣੀ ਦਾ ਆਸਰਾ ਲੈ ਕੇ) ਜੇਹੜੇ ਮਨੁੱਖ ਪਰਮਾਤਮਾ ਦਾ ਸਿਮਰਨ ਕਰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ। ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਵੱਸਿਆ ਰਹਿੰਦਾ ਹੈ, ਉਹਨਾਂ ਦੇ ਮੂੰਹ ਵਿਚ ਸਦਾ-ਥਿਰ ਹਰਿ-ਨਾਮ ਟਿਕਿਆ ਰਹਿੰਦਾ ਹੈ। ਹੇ ਭਾਈ! ਸਦਾ-ਥਿਰ ਪ੍ਰਭੂ ਨੂੰ ਹੀ (ਹਿਰਦੇ ਵਿਚ) ਸੰਭਾਲ ਕੇ ਰੱਖਿਆ ਕਰੋ (ਇਸ ਦੀ ਬਰਕਤਿ ਨਾਲ ਹਰੇਕ) ਦੁੱਖ ਦੂਰ ਹੋ ਜਾਂਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ (ਹਰਿ-ਨਾਮ) ਮਨ ਵਿਚ ਆ ਵੱਸਦਾ ਹੈ ॥੧॥ ਹੇ ਭਾਈ! ਗੁਰੂ ਦੀ ਬਾਣੀ ਸੁਣਿਆ ਕਰ, (ਇਹ ਬਾਣੀ ਮਨ ਵਿਚੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦੀ ਹੈ। (ਇਹ ਬਾਣੀ) ਆਤਮਕ ਅਡੋਲਤਾ ਵਿਚ (ਟਿਕਾ ਕੇ) ਪਰਮਾਤਮਾ ਦਾ ਨਾਮ ਮਨ ਵਿਚ ਵਸਾ ਦੇਂਦੀ ਹੈ ॥੧॥ ਰਹਾਉ ॥ (ਹੇ ਭਾਈ! ਗੁਰੂ ਦੀ ਬਾਣੀ ਮਨ ਵਿਚੋਂ) ਝੂਠ ਫ਼ਰੇਬ ਮੁਕਾ ਦੇਂਦੀ ਹੈ, ਤ੍ਰਿਸ਼ਨਾ ਦੀ ਅੱਗ ਬੁਝਾ ਦੇਂਦੀ ਹੈ। (ਗੁਰਬਾਣੀ ਦੀ ਬਰਕਤਿ ਨਾਲ) ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਟਿਕ ਜਾਈਦਾ ਹੈ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ। (ਜਦੋਂ ਮਨੁੱਖ ਗੁਰਬਾਣੀ ਅਨੁਸਾਰ) ਗੁਰੂ ਦੀ ਰਜ਼ਾ ਵਿਚ ਤੁਰਦਾ ਹੈ, ਤਦੋਂ (ਉਸ ਦੇ ਅੰਦਰੋਂ) ਆਪਾ-ਭਾਵ ਦੂਰ ਹੋ ਜਾਂਦਾ ਹੈ, ਤਦੋਂ ਉਹ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾ ਗਾ ਕੇ ਸਦਾ-ਥਿਰ ਰਹਿਣ ਵਾਲਾ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ (ਪ੍ਰਭੂ ਚਰਨਾਂ ਵਿਚ ਲੀਨ ਰਹਿੰਦਾ ਹੈ) ॥੨॥ ਹੇ ਭਾਈ! ਜੇਹੜਾ ਮਨੁੱਖ ਨਾਹ ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਨਾਹ ਗੁਰੂ ਦੀ ਬਾਣੀ ਨਾਲ ਡੂੰਘੀ ਸਾਂਝ ਪਾਂਦਾ ਹੈ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ, ਤੇ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਉਸ ਮਨੁੱਖ ਦੀ ਉਮਰ) ਦੁੱਖ ਵਿਚ ਹੀ ਗੁਜ਼ਰਦੀ ਹੈ। ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ, ਤਦੋਂ ਉਹ ਆਤਮਕ ਆਨੰਦ ਹਾਸਲ ਕਰਦਾ ਹੈ, ਗੁਰੂ ਉਸ ਦੇ ਮਨ ਵਿਚੋਂ ਹਉਮੈ ਮਾਰ ਮੁਕਾਂਦਾ ਹੈ ॥੩॥ ਪਰ, ਹੇ ਭਾਈ! (ਪਰਮਾਤਮਾ ਤੋਂ ਬਿਨਾ) ਹੋਰ ਕਿਸੇ ਅੱਗੇ ਅਰਜ਼ੋਈ ਕੀਤੀ ਨਹੀਂ ਜਾ ਸਕਦੀ। ਸਿਰਫ਼ ਪਰਮਾਤਮਾ ਹੀ (ਗੁਰੂ ਦੇ ਮਿਲਾਪ ਦੀ ਦਾਤਿ) ਦੇਣ ਵਾਲਾ ਹੈ। ਜਦੋਂ ਪਰਮਾਤਮਾ (ਇਹ) ਕਿਰਪਾ ਕਰਦਾ ਹੈ, ਤਦੋਂ ਗੁਰੂ ਦੇ ਸ਼ਬਦ ਵਿਚ ਜੁੜਿਆਂ (ਪ੍ਰਭੂ ਨਾਲ) ਮਿਲਾਪ ਹੋ ਜਾਂਦਾ ਹੈ। (ਜੇ ਪ੍ਰਭੂ ਦੀ ਮੇਹਰ ਹੋਵੇ, ਤਾਂ) ਮੈਂ ਪ੍ਰੀਤਮ-ਗੁਰੂ ਨੂੰ ਮਿਲ ਕੇ ਸਦਾ-ਥਿਰ ਪ੍ਰਭੂ ਦੇ ਗੀਤ ਗਾ ਸਕਦਾ ਹਾਂ। ਹੇ ਨਾਨਕ ਜੀ! (ਆਖੋ-) ਸਦਾ-ਥਿਰ ਪ੍ਰਭੂ ਦਾ ਨਾਮ ਜਪ ਜਪ ਕੇ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗ ਸਕਦਾ ਹਾਂ ॥੪॥੫॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama from Sachkhand Sri Harimandir Sahib)

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ (ਅੰਗ ੬੯੬)

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama from Sachkhand Sri Harimandir Sahib)

ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥ (ਅੰਗ ੫੨੦)

ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ,ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤ ਹੈ। ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ ॥੧॥ ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ॥੨॥ (ਹੇ ਪ੍ਰਭੂ!) ਤੇਰੇ ਭਗਤਾਂ ਦੇ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ। ਸਾਧ ਸੰਗਤ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, ਤੇ ਫਿਰ ਸਿਫ਼ਤ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ। ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ। ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ। ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ। ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤ ਪ੍ਰਾਪਤ ਹੁੰਦੀ ਹੈ ॥੯॥