ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ (ਅੰਗ ੬੫੪)

ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਕਬੀਰ ਜੀ ਆਖਦੇ ਹਨ – ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥ (ਅੰਗ ੭੩੩)

ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ। (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ॥੧॥ ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ॥੧॥ ਰਹਾਉ ॥ ਹੇ ਭਾਈ! (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ ॥੨॥ ਹੇ ਭਾਈ! (ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ ॥੩॥ ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ)। ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ ॥੪॥੧॥੮॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਰਾਗ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ (ਅੰਗ ੬੯੨)

ਅਰਥ:- ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।1। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।1। ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ,ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ)।2।3।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ (ਅੰਗ ੬੯੨)

ਅਰਥ: ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ – ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥ ਅਜਾਮਲ, ਗਜ, ਗਨਿਕਾ – ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ॥੨॥ (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ)। ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ ? ॥੩॥ (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ – ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ ਜੀ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ॥੪॥੫॥

ਪੂਰੇ ਸਿਦਕ ਤੋਂ ਬਿਨਾ ਕੀਤੀ ਮਿਹਨਤ

ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ, ਹਾਸ-ਰਸ ਦੇ ਕੌਤਕਾਂ ਰਾਹੀਂ ਕਈ ਵਾਰੀ ਸਿੱਖਾਂ ਨੂੰ ਸਿੱਖੀ ਮਾਰਗ ਉੱਤੇ ਤੁਰਨ ਦੀ ਜਾਂਚ ਸਿਖਾਇਆ ਕਰਦੇ ਸਨ। ਅਨੰਦਪੁਰ ਸਾਹਿਬ ਵਿਖੇ ਇੱਕ ਕੌਤਕ ਦਾ ਜ਼ਿਕਰ ਹੈ। ਇਕ ਵਾਰੀ ਗੁਰੂ ਸਾਹਿਬ ਨੇ ਨੇੜਲੇ ਸੇਵਕਾਂ ਨੂੰ ਹੁਕਮ ਕੀਤੇ ਕਿ ਜਿਹੜੇ ਸਿੱਖ ਮਾਈ ਭਾਈ ਅਨੰਦਪੁਰ ਵਿੱਚ ਦਰਸ਼ਨ ਕਰਨ ਆਉਣ, ਉਹਨਾਂ ਨੂੰ ਆਖੀ ਚੱਲੋ ਕਿ ਸਾਡੀ ਆਗਿਆ ਤੋਂ ਬਿਨਾ ਕੋਈ ਸਿੱਖ ਆਪਣੇ ਘਰ ਨੂੰ ਵਾਪਸ ਨਾ ਜਾਏ।

ਇਸ ਹੁਕਮ ਦੇ ਚੱਲਦਿਆ ਕਈ ਸਿੱਖ ਕੁੱਝ ਦਿਨ ਅਨੰਦਪੁਰ ਸਾਹਿਬ ਵਿੱਚ ਹੀ ਰੁਕੇ ਰਹੇ ਪਰ ਕੰਮਾਂ-ਕਾਰਾਂ ਵਾਲੇ ਕਈ ਸੱਜਣ ਆਖ਼ਰ ਉਤਾਵਲੇ ਪੈਣ ਲੱਗ ਪਏ। ਜਾਣ ਦੀ ਆਗਿਆ ਲੈਣ ਲਈ ਕਿਸੇ ਵੀ ਸਿੱਖ ਨੇ ਗੁਰੂ ਸਾਹਿਬ ਕੋਲ ਜਾਣ ਦੀ ਹਿੰਮਤ ਨਾ ਕੀਤੀ।
ਫਿਰ ਕੁੱਝ ਸਿੱਖਾਂ ਨੇ ਰਲ ਕੇ ਇੱਕ ਵਿਓਂਤ ਸੋਚੀ। ਉਨ੍ਹਾਂ ਦੁਆਰਾ ਇਹ ਆਖ ਦਿੱਤਾ ਗਿਆ ਕਿ ਫਲਾਣਾ ਸਿੱਖ ਚੜਾਈ ਕਰ ਗਿਆ ਹੈ ਅਤੇ ਜਿਨ੍ਹਾਂ ਨੇ ਇਹ ਵਿਓਂਤ ਬਣਾਈ ਸੀ, ਉਹ ਉਸ ਦਾ ਸਸਕਾਰ ਕਰਨ ਲਈ ਉਸ ਨੂੰ ਫੱਟੇ ‘ਤੇ ਪਾ ਕੇ ਨਗਰੋਂ ਬਾਹਰ ਲੈ ਤੁਰੇ। ਸਤਿਗੁਰੂ ਜੀ ਇਹ ਸਭ ਦੇਖਦੇ ਰਹੇ ਅਤੇ ਉਹ ਇਸ ਕੌਤਕ ਦੇ ਨਤੀਜੇ ਦੀ ਉਡੀਕ ਵਿੱਚ ਸਨ। ਜਦੋਂ ਉਹਨਾਂ ਨੂੰ ਇਹ ਦੱਸਿਆ ਗਿਆ ਕਿ ਚੜ੍ਹਾਈ ਕਰ ਗਏ ਸਿੱਖ ਦਾ ਸਸਕਾਰ ਕਰਨ ਲਈ ਉਸ ਦੇ ਸਾਥੀ ਉਸ ਨੂੰ ਬਾਹਰ ਲੈ ਕੇ ਜਾ ਰਹੇ ਹਨ ਤਾਂ ਸਤਿਗੁਰੂ ਜੀ ਨੇ ਹੁਕਮ ਕੀਤਾ ਕਿ ਉਸ ਸਿੱਖ ਦਾ ਸਸਕਾਰ ਇੱਥੇ ਹੀ ਕੀਤਾ ਜਾਵੇਗਾ।

ਸਸਕਾਰ ਵਾਸਤੇ ਲੱਕੜਾਂ ਮੰਗਾਈਆਂ ਗਈਆਂ। ਚਿਖਾ ਤਿਆਰ ਹੋ ਗਈ। ਮੁਰਦਾ ਚਿਖਾ ਉੱਤੇ ਰੱਖਣ ਹੀ ਲੱਗੇ ਸਨ ਕਿ ਉਹ ਸਿੱਖ ਅਜਾਈ ਚੰਦਰੀ ਮੌਤ ਆਉਂਦੀ ਵੇਖ ਕੇ ਘਬਰਾ ਗਿਆ ਅਤੇ ਉੱਠ ਖਲੋਤਾ ਤੇ ਬੜੇ ਪਛਤਾਵੇ ਵਿੱਚ ਰੋ-ਰੋ ਕੇ ਸਤਿਗੁਰੂ ਜੀ ਦੇ ਚਰਨਾਂ ‘ਤੇ ਡਿੱਗ ਪਿਆ। ਇਸ ਦੇ ਨਾਲ ਹੀ ਉਸ ਦੇ ਸਾਥੀ ਵੀ ਬਹੁਤ ਪਛਤਾਏ ਤੇ ਰੋਏ।
ਕਿਸੇ ਸਿੱਖ ਨੇ ਸਤਿਗੁਰੂ ਜੀ ਪਾਸ ਬੇਨਤੀ ਕੀਤੀ ਤੇ ਪੁੱਛਿਆ ਕਿ ਪਾਤਿਸ਼ਾਹ! ਇਹ ਰੋਣ ਵਾਲੇ ਬਖ਼ਸ਼ੇ ਗਏ ਹਨ ਤਾਂ ਸਤਿਗੁਰੂ ਜੀ ਨੇ ਉੱਤਰ ਦਿੱਤਾ-ਕਿਸੇ ਪਿੰਡ ਵਿੱਚ ਜਦੋਂ ਕੋਈ ਪ੍ਰਾਣੀ ਮਰਦਾ ਹੈ ਤਾਂ ਪਿੰਡ ਦੀਆਂ ਸਾਰੀਆਂ ਜ਼ਨਾਨੀਆਂ ਰਲ ਕੇ ਰੋਂਦੀਆਂ ਹਨ। ਜੇ ਰੋਇਆਂ ਹੀ ਰੱਬ ਪ੍ਰਸੰਨ ਹੋ ਜਾਂਦਾ ਹੋਵੇ ਤਾਂ ਉਹ ਰੋਣ ਵਾਲੀਆਂ ਤ੍ਰੀਮਤਾਂ ਪ੍ਰਭੂ-ਦਰ ‘ਤੇ ਕਬੂਲ ਹੋ ਗਈਆਂ। ਜੇ ਪ੍ਰਭੂ ਸਿਰਫ਼ ਕੀਰਤਨ ਨਾਲ ਹੀ ਖ਼ੁਸ਼ ਹੋ ਜਾਂਦਾ ਹੋਵੇ ਤਾਂ ਤੋਤੇ ਕਬੂਤਰ ਹਰ ਵੇਲੇ ਹੀ ਇਹ ਕੰਮ ਕਰਦੇ ਹਨ। ਤੀਰਥ-ਇਸ਼ਨਾਨ ਕੁੱਝ ਸਵਾਰਦਾ ਹੋਵੇ ਤਾਂ ਡੱਡੂ ਹਰ ਵੇਲੇ ਪਾਣੀ ਵਿੱਚ ਨਹਾਉਂਦੇ ਹਨ। ਜੇ ਸਮਾਧੀ ਲਾਇਆ ਰੱਬ ਖ਼ੁਸ਼ ਹੁੰਦਾ ਹੋਵੇ, ਤਾਂ ਰੁੱਖ ਸਦਾ ਮੋਨ-ਧਾਰੀ ਹਨ। ਜੰਗਲ ਦਾ ਵਸੇਬਾ ਵੀ ਕੁੱਝ ਨਹੀਂ ਬਣਾਉਂਦਾ, ਬਾਂਦਰ ਹਰ ਵੇਲੇ ਜੰਗਲਾਂ ਵਿੱਚ ਹੀ ਰਹਿੰਦੇ ਹਨ। ਕੋਈ ਆਪਣੇ ਆਪ ਨੂੰ ਸਿੱਖ ਅਖਵਾਏ, ਕੋਈ ਪੰਡਿਤ ਅਖਵਾਏ, ਕੋਈ ਰਾਗੀ ਅਖਵਾਏ, ਪ੍ਰਭੂ-ਚਰਨਾਂ ਦੇ ਪਿਆਰ ਅਤੇ ਸ਼ਰਧਾ ਤੋਂ ਬਿਨਾ ਸਭ ਜੀਵਨ-ਬਾਜ਼ੀ ਹਾਰ ਕੇ ਜਾਂਦੇ ਹਨ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ (ਅੰਗ ੭੦੮)

ਅਰਥ: ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ ਜੀ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ॥੨॥ ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਪਰਮਾਤਮਾ ਨੂੰ ਛੱਡ ਕੇ ਜੇ ਮਨ ਹੋਰ ਪਾਸੇ ਲਗਾਇਆਂ ਨਰਕ ਵਿੱਚ ਸਮਾਈਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ ॥੧੦॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥ (ਅੰਗ ੭੦੩)

ਅਰਥ : ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥ (ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਨਾਨਕ ਜੀ! (ਆਖੋ-) ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ॥੩॥੨॥

ਔਖੀ ਜੀਵਨ ਖੇਡ

ਅਚਲ-ਵਟਾਲੇ ਜੋਗੀਆਂ ਨਾਲ ਗੁਰੂ ਨਾਨਕ ਪਾਤਿਸ਼ਾਹ ਦੀ ਤਕੜੀ ਬਹਿਸ ਹੋਈ ਸੀ। ਜੋਗੀ ਪਰਮਾਤਮਾ ਦੀ ਪ੍ਰਾਪਤੀ ਲਈ ਗ੍ਰਿਹਸਤ-ਜੀਵਨ ਨੂੰ ਛੱਡ ਕੇ ਜੰਗਲਾਂ ’ਚ ਰਹਿਣ ਨੂੰ ਜ਼ਰੂਰੀ ਦੱਸਦੇ ਸਨ ਪਰ ਸਤਿਗੁਰੂ ਜੀ ਆਖਦੇ ਸਨ ਕਿ ਗ੍ਰਿਹਸਤ ਵਿੱਚ ਰਹਿ ਕੇ ਹੀ ਖ਼ੁਦ-ਗ਼ਰਜ਼ੀ ਛੱਡ ਕੇ ਦੂਜਿਆਂ ਲਈ ਜਿਊਣਾ ਸਹੀ ਰਸਤਾ ਹੈ। ਜੋਗੀ ਇਸ ਗੱਲ ‘ਤੇ ਫ਼ਖ਼ਰ ਕਰਦੇ ਸਨ ਕਿ ਅਸੀਂ ਗ੍ਰਹਿਸਤ ਜੀਵਨ ਦੇ ਕੰਮਾਂ-ਕਾਰਾਂ ਤੋਂ ਨਿਰਾਲੇ ਹੋ ਕੇ ਜੰਗਲਾਂ ’ਚ ਆਪਣਾ ਜੀਵਨ ਬਤੀਤ ਕਰਦੇ ਹਾਂ। ਗਾਜਰ-ਮੂਲੀ ਆਦਿ ਖਾ ਕੇ ਆਪਣਾ ਪੇਟ ਭਰਦੇ ਹਾਂ ਅਤੇ ਤੀਰਥਾਂ ‘ਤੇ ਇਸ਼ਨਾਨ ਕਰ ਕੇ ਆਤਮਕ ਆਨੰਦ ਲੈਂਦੇ ਹਾਂ। ਇਸ ਬਾਰੇ ਗੁਰੂ ਨਾਨਕ ਪਾਤਿਸ਼ਾਹ ਨੇ ਉਹਨਾਂ ਜੋਗੀਆਂ ਨੂੰ ਸਮਝਾਇਆ ਸੀ ਕਿ ਘਰੇਲੂ ਜੀਵਨ ਵਿੱਚ ਰਹਿੰਦਿਆਂ ਹੀ ਮਾਇਆ ਦੇ ਲਾਲਚ ਦੀ ਨੀਂਦ ਤੋਂ ਬਚਣਾ ਸਹੀ ਰਸਤਾ ਹੈ। ਗ੍ਰਿਹਸਤੀ ਹੁੰਦਿਆਂ ਹੀ ਪਰਾਏ ਘਰ ਵੱਲ ਚਿੱਤ ਡੋਲਣ ਨਹੀਂ ਦੇਣਾ, ਭੁੱਖ ਤੇ ਨੀਂਦ ਨੂੰ ਸਦਾ ਮਰਯਾਦਾ ਵਿੱਚ ਰੱਖਣਾ ਹੈ। ਪਰ ਇਹ ਖੇਡ ਹੈ ਬੜੀ ਹੀ ਔਖੀ ਕਿਉਂਕਿ ਤ੍ਰਿਸ਼ਨਾ ਬੜੀ ਬੁਰੀ ਬਲਾ ਹੈ। ‘ਜਿਸ ਦਾ ਆਪਣਾ ਨਾ ਭਰੇ, ਉਹ ਕਿਸੇ ਅੱਗੇ ਕੀ ਧਰੇ ?’ ਮਨ ਮੁੜ-ਮੁੜ ਇਹੀ ਸੋਚਦਾ ਹੈ, ਹੋਰ ਜੋੜ ਲਵਾਂ, ਹੋਰ ਇਕੱਠੀ ਕਰ ਲਵਾਂ ਅਤੇ ਇਸ ਤਰ੍ਹਾਂ ਸਹਿਜੇ-ਸਹਿਜੇ ਮਨੁੱਖ ਬੜਾ ਖ਼ੁਦ-ਗ਼ਰਜ਼ ਬਣ ਕੇ ਦੂਜਿਆਂ ਦਾ ਲਹੂ ਚੂਸਣ ਦਾ ਆਦੀ ਬਣ ਜਾਂਦਾ ਹੈ।

ਇਸ ਔਖੀ ਬਾਜ਼ੀ ਨੂੰ ਜਿੱਤਣ ਦਾ ਤਰੀਕਾ ਹੈ – ਨਾਮ ਵਿੱਚ ਟਿਕੋ

ਗੁਰੂ ਨਾਨਕ ਦੇਵ ਜੀ ਨੇ ਜੋਗੀਆਂ ਨੂੰ ਆਖਿਆ ਸੀ ਕਿ ਮਾਇਆ ਦੀ ਭੁੱਖ ਓਦੋਂ ਹੀ ਦੂਰ ਹੋ ਸਕਦੀ ਹੈ ਜਦੋਂ ਮਨ ਦੀ ਦੌੜ-ਭੱਜ ਖ਼ਤਮ ਹੋਵੇ ਅਤੇ ਮਨ ਟਿਕਦਾ ਹੈ ਪ੍ਰਮਾਤਮਾ ਦੇ ਨਾਮ-ਸਿਮਰਨ ਨਾਲ। ਜਿਸ ਦਾ ਨਾਮ ਵਾਰ-ਵਾਰ ਲੈਂਦੇ ਰਹੀਏ, ਜਿਸ ਨੂੰ ਮੁੜ-ਮੁੜ ਯਾਦ ਕਰਦੇ ਰਹੀਏ, ਉਸ ਨਾਲ ਪਿਆਰ ਬਣਦਾ ਜਾਂਦਾ ਹੈ। ਫਿਰ ਜਿਸ ਨਾਲ ਪਿਆਰ ਪੈ ਜਾਂਦਾ ਹੈ, ਉਸ ਨੂੰ ਯਾਦ ਕਰਨ ਤੋਂ ਬਿਨਾ ਇਨਸਾਨ ਰਹਿ ਨਹੀਂ ਸਕਦਾ। ‘ਯਾਦ ਤੇ ਪਿਆਰ, ਪਿਆਰ ਤੇ ਯਾਦ’ ਇਕ-ਦੂਜੇ ਦੀ ਮਦਦ ਕਰਦੇ ਹਨ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥ (ਅੰਗ ੯੬੧)

ਅਰਥ: ਹੇ ਕਿਰਪਾਲ (ਪ੍ਰਭੂ) ! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ। (ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ ਉਤੇ ਜ਼ੋਰ ਨਾ ਪਾ ਸਕੇ। (ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਮੇਰੇ ਗੁਣ ਗਾਂਦਾ ਰਹਾਂ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈ ਦਾ ਰੋਗ ਕੱਟਿਆ ਜਾਏ। (ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇ ਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ। ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼, (ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇ ਖਿੜਿਆ ਰਹਾਂ।1।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੂਹੀ ਮਹਲਾ ੧ ਘਰੁ ੬

ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ੍॥ ਸੇ ਫਲ ਕੰਮਿ ਨ ਆਵਨੀ੍ ਤੇ ਗੁਣ ਮੈ ਤਨਿ ਹੰਨਿ੍ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ (ਅੰਗ ੭੨੯)

ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥ ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ॥੨॥ ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ॥੪॥ ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ ? ॥੫॥ ਹੇ ਨਾਨਕ ਜੀ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥