ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ (ਅੰਗ ੭੦੯)

ਅਰਥ: ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਜੈਤਸਰੀ ਮਹਲਾ ੫

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ (ਅੰਗ ੭੦੬)

ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥

ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

ਅੱਜ ਦੀਨ ਦੁਨੀਆ ਦੇ ਵਾਲੀ ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਹੈ। ਸਮੂਹ ਸਿੱਖ ਸੰਗਤ ਨੂੰ ਸਮੁੱਚੇ ਗੁਰੂ ਖਾਲਸਾ ਪੰਥ ਨੂੰ ਇਸ ਮਹਾਨ ਪੁਰਬ ਦੀਆਂ ਬਹੁਤ-ਬਹੁਤ ਵਧਾਈਆਂ। ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਜੀ ਦਾ ਜਨਮ ਸੰਨ 1656 ਈ. ਨੂੰ ਕੀਰਤਪੁਰ ਸਾਹਿਬ ਦੀ ਪਵਿੱਤਰ ਨਗਰੀ ਵਿਖੇ ਹੋਇਆ।ਆਪ ਜੀ ਦੇ ਪਿਤਾ ਗੁਰੂ ਹਰਿਰਾਏ ਸਾਹਿਬ, ਜੋ ਬਾਬਾ ਗੁਰਦਿੱਤਾ ਜੀ ਦੇ ਬੇਟੇ ਅਤੇ ਸਿੱਖ ਧਰਮ ਦੇ ਸੱਤਵੇਂ ਗੁਰੂ ਸਾਹਿਬ ਹਨ। ਕਿਹਾ ਜਾਂਦਾ ਹੈ ਕਿ ਸਤਿਗੁਰਾਂ ਜੀ ਦੇ ਪਾਵਨ ਆਗਮਨ ਨੇ ਪੂਰੀ ਕਾਇਨਾਤ ਨੂੰ ਆਪਣੀਆਂ ਪਾਵਨ ਬਖਸ਼ਿਸ਼ਾਂ ਦੇ ਨਾਲ ਨਿਵਾਜਿਆ। ਸਭ ਦੀਆਂ ਝੋਲੀਆਂ ਖੁਸ਼ੀਆਂ ਨਾਲ ਭਰ ਦਿੱਤੀਆਂ। ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਹਿਰਦਾ ਬਹੁਤ ਹੀ ਕੋਮਲ ਸੀ। ਆਪ ਜੀ ਦਾ ਬਚਪਨ ਪਿਤਾ ਗੁਰੂ ਹਰਿਰਾਏ ਸਾਹਿਬ ਜੀ ਦੀ ਨਿਗਰਾਨੀ ਵਿੱਚ ਬੀਤਿਆ। ਆਪ ਜੀ ਦੀ ਸ਼ਖ਼ਸੀਅਤ ’ਤੇ ਆਪ ਜੀ ਦੇ ਪਿਤਾ ਜੀ ਦਾ ਪ੍ਰਭਾਵ ਬਹੁਤ ਜਿਆਦਾ ਸੀ। ਆਪ ਆਪਣੇ ਹੱਥੀ ਆਈ ਸੰਗਤ ਨੂੰ ਪ੍ਰਸ਼ਾਦਾ ਛਕਾਉਣ ਦੀ ਸੇਵਾ ਵਿੱਚ ਲੱਗੇ ਰਹਿੰਦੇ।

ਧੰਨ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਧੰਨ ਗੁਰੂ ਹਰਿਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਜੀ ਨੂੰ ਗੁਰਿਆਈ ਦੀ ਦਾਤ ਬਖਸ਼ਿਸ਼ ਕੀਤੀ। ਉਸ ਸਮੇਂ ਆਪ ਜੀ ਦੀ ਉਮਰ ਕੇਵਲ 5 ਸਾਲ ਸੀ। ਗੁਰੂ ਸਾਹਿਬ ਦੇ ਕੋਮਲ ਹਿਰਦੇ ਨੂੰ ਵੇਖਦਿਆਂ, ਭਜਨ ਬੰਦਗੀ ਤੇ ਸੇਵਾ ਸਿਮਰਨ ਦੇ ਪ੍ਰਤਾਪ ਨੂੰ ਵੇਖਦਿਆਂ ਇਹਨਾਂ ਤੇ ਬਹੁਤ ਵੱਡੀ ਬਖਸ਼ਿਸ਼ ਕੀਤੀ। ਧੰਨ ਗੁਰੂ ਹਰਿਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਜੀ ਦਾ ਜੀਵਨ ਸਾਨੂੰ ਸਿਖਾਉਂਦਾ ਕਿ ਕਿਸ ਤਰ੍ਹਾਂ ਸੰਸਾਰ ਦੇ ਅੰਦਰ ਨਿਰਭੈਤਾ ਦੇ ਨਾਲ ਵਿਚਰਨਾ ਹੈ ਅਤੇ ਰੱਬੀ ਭੈ ਦੇ ਵਿੱਚ ਵਿਚਰਨਾ ਹੈ। ਦੁਨੀਆ ਵੱਲੋਂ ਪਹਿਰਤ ਹੋਣਾ ਤੇ ਉਸ ਅਕਾਲ ਪੁਰਖ ਦੇ ਭੈ ਦੇ ਵਿੱਚ ਵਿਚਰਦਿਆਂ ਆਪਣਾ ਜੀਵਨ ਜਿਉਣਾ ਹੈ। ਇਹ ਮਹਾਨ ਧੰਨ ਗੁਰੂ ਹਰਿ ਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਜੀ ਦਾ ਉਪਦੇਸ਼ ਹੈ। ਧੰਨ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਜਿੱਥੇ ਆਪਣੇ ਮੁਖਾਰਬਿੰਦ ਤੋਂ ਸਿੱਖਾਂ ਸੇਵਕਾਂ ਨੂੰ ਮਹਾਨ ਉਪਦੇਸ਼ ਦਿਆ ਕਰਦੇ ਸਨ ਉੱਥੇ ਉਹਨਾਂ ਦੇ ਦੁੱਖ ਦਰਦ ਨੂੰ ਸਮਝਣਾ ਉਹਨਾਂ ਦੇ ਦੁੱਖਾਂ ਦਰਦਾਂ ਦੇ ਵਿੱਚ ਸਹਾਈ ਹੋਣਾ ਉਹਨਾਂ ਦਾ ਮੁੱਢਲਾ ਉਦੇਸ਼ ਸੀ।

ਸ੍ਰੀ ਕੀਰਤਪੁਰ ਸਾਹਿਬ ਦੀ ਪਾਵਨ ਧਰਤੀ ਦੇ ਉੱਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਜੀ ਨੇ ਮਹਾਨ ਬਾਣੀ ਅਤੇ ਸੇਵਾ ਸਿਮਰਨ ਦਾ ਉਪਦੇਸ਼ ਦਿੱਤਾ। ਆਖਰ ਦਿੱਲੀ ਦੇ ਵਿੱਚ ਹੀ 1664 ਈ. ਦੇ ਵਿੱਚ ਧੰਨ ਗੁਰੂ ਹਰਿਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਧੰਨ ਗੁਰੂ ਤੇਗ ਬਹਾਦਰ ਸਾਹਿਬ ਨੂੰ ਗੁਰਿਆਈ ਦੀ ਦਾਤ ਬਖਸ਼ਿਸ਼ ਕਰਕੇ ਜੋਤੀ-ਜੋਤ ਸਮਾ ਗਏ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਰਾਮਕਲੀ ਮਹਲਾ ੫ ॥ ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥ ਪੁਤੁ ਕਲਤ੍ਰੁ ਲਖਿਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ॥ ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ ॥੧॥ ਨਿੰਦਾ ਕਰਿ ਕਰਿ ਬਹੁਤੁ ਵਿਗੂਤਾ ਗਰਭ ਜੋਨਿ ਮਹਿ ਕਿਰਤਿ ਪਇਆ ॥ ਪੁਰਬ ਕਮਾਣੇ ਛੋਡਹਿ ਨਾਹੀ ਜਮਦੂਤਿ ਗ੍ਰਾਸਿਓ ਮਹਾ ਭਇਆ ॥੨॥ ਬੋਲੈ ਝੂਠੁ ਕਮਾਵੈ ਅਵਰਾ ਤ੍ਰਿਸਨ ਨ ਬੂਝੈ ਬਹੁਤੁ ਹਇਆ ॥ ਅਸਾਧ ਰੋਗੁ ਉਪਜਿਆ ਸੰਤ ਦੂਖਨਿ ਦੇਹ ਬਿਨਾਸੀ ਮਹਾ ਖਇਆ ॥੩॥ਜਿਨਹਿ ਨਿਵਾਜੇ ਤਿਨ ਹੀ ਸਾਜੇ ਆਪੇ ਕੀਨੇ ਸੰਤ ਜਇਆ ॥ ਨਾਨਕ ਦਾਸ ਕੰਠਿ ਲਾਇ ਰਾਖੇ ਕਰਿ ਕਿਰਪਾ ਪਾਰਬ੍ਰਹਮ ਮਇਆ ॥੪॥੪੪॥੫੫॥ (ਅੰਗ ੯੦੦)

ਅਰਥ: ਹੇ ਭਾਈ! ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੋ ਰਿਹਾ ਹੈ। (ਇਸ ਵਾਸਤੇ) ਸਦਾ ਹੀ ਉਸ ਪ੍ਰਭੂ ਦੀ ਸਰਨ ਪਿਆ ਰਹੁ। ਪ੍ਰਭੂ ਤੋਂ ਬਿਨਾ ਕੋਈ ਹੋਰ ਦੂਜਾ (ਕੁਝ ਕਰਨ-ਜੋਗਾ) ਨਹੀਂ ਹੈ।੧।ਰਹਾਉ। ਹੇ ਭਾਈ! ਪੁੱਤਰ, ਇਸਤ੍ਰੀ, ਮਾਇਆ-ਇਹ ਜੋ ਕੁਝ ਦਿੱਸ ਰਿਹਾ ਹੈ, ਇਹਨਾਂ ਵਿਚੋਂ ਕੁਝ ਭੀ (ਅੰਤ ਵੇਲੇ ਜੀਵ) ਆਪਣੇ ਨਾਲ ਨਹੀਂ ਲੈ ਜਾਂਦਾ। ਵਿਸ਼ੇ-ਵਿਕਾਰਾਂ ਦੀ ਠਗਬੂਟੀ ਖਾ ਕੇ ਜੀਵ ਕੁਰਾਹੇ ਪਿਆ ਰਹਿੰਦਾ ਹੈ, ਆਖ਼ਰ ਇਹ ਮਾਇਆ, ਇਹ ਸੋਹਣਾ ਘਰ (ਸਭ ਕੁਝ) ਛੱਡ ਕੇ ਤੁਰ ਜਾਂਦਾ ਹੈ।੧।

ਹੇ ਭਾਈ! ਜੀਵ ਦੂਜਿਆਂ ਦੀ ਨਿੰਦਾ ਕਰ ਕਰ ਕੇ ਬਹੁਤ ਖ਼ੁਆਰ ਹੁੰਦਾ ਰਹਿੰਦਾ ਹੈ, ਤੇ ਆਪਣੇ ਇਸ ਕੀਤੇ ਅਨੁਸਾਰ ਜਨਮ ਮਰਨ ਦੇ ਗੇੜ ਵਿਚ ਜਾ ਪੈਂਦਾ ਹੈ। (ਇਹ ਆਮ ਅਸੂਲ ਦੀ ਗੱਲ ਹੈ ਕਿ) ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰ ਜੀਵ ਨੂੰ ਛੱਡਦੇ ਨਹੀਂ ਹਨ, ਤੇ ਵੱਡਾ ਭਿਆਨਕ ਜਮਦੂਤ ਇਸ ਨੂੰ ਕਾਬੂ ਕਰੀ ਰੱਖਦਾ ਹੈ। (ਮਾਇਆ ਦੇ ਮੋਹ ਦੀ ਠਗਬੂਟੀ ਖਾ ਕੇ ਮਾਇਆ ਦੀ ਖ਼ਾਤਰ ਜੀਵ) ਝੂਠ ਬੋਲਦਾ ਹੈ (ਮੂੰਹੋਂ ਆਖਦਾ ਹੋਰ ਹੈ, ਤੇ) ਕਮਾਂਦਾ ਕੁਝ ਹੋਰ ਹੈ, ਇਸ ਦੀ ਮਾਇਆ ਦੀ ਤ੍ਰਿਸ਼ਨਾ ਬੁੱਝਦੀ ਨਹੀਂ, ਮਾਇਆ ਦੀ ‘ਹਾਇ ਹਾਇ’ ਸਦਾ ਇਸ ਨੂੰ ਲੱਗੀ ਰਹਿੰਦੀ ਹੈ।

ਸੰਤ ਜਨਾਂ ਦੀ ਨਿੰਦਾ ਕਰਨ ਦੇ ਕਾਰਨ (ਮਾਇਆ ਦੀ ਤ੍ਰਿਸ਼ਨਾ ਦਾ) ਲਾ-ਇਲਾਜ ਰੋਗ (ਜੀਵ ਦੇ ਅੰਦਰ) ਪੈਦਾ ਹੋ ਜਾਂਦਾ ਹੈ, ਇਸ ਵੱਡੇ ਖਈ ਰੋਗ ਦੇ ਵਿਚ ਹੀ ਇਸ ਦਾ ਸਰੀਰ ਨਾਸ ਹੋ ਜਾਂਦਾ ਹੈ।੩। (ਪਰ, ਹੇ ਭਾਈ! ਸੰਤ ਜਨਾਂ ਦੀ ਨਿੰਦਾ ਤੋਂ ਜੀਵ ਨੂੰ ਹਾਸਲ ਕੁਝ ਨਹੀਂ ਹੁੰਦਾ) ਪ੍ਰਭੂ ਨੇ ਆਪ ਹੀ ਸੰਤ ਜਨਾਂ ਨੂੰ ਜਿੱਤ ਦਾ ਮਾਲਕ ਬਣਾਇਆ ਹੁੰਦਾ ਹੈ, ਉਹਨਾਂ ਨੂੰ ਉਸੇ ਪ੍ਰਭੂ ਨੇ ਪੈਦਾ ਕੀਤਾ ਹੋਇਆ ਹੈ ਜਿਸ ਨੇ ਉਹਨਾਂ ਨੂੰ ਆਦਰ-ਸਤਕਾਰ ਦਿੱਤਾ ਹੋਇਆ ਹੈ। ਹੇ ਨਾਨਕ! ਪਰਮਾਤਮਾ ਮਿਹਰ ਕਰ ਕੇ ਦਇਆ ਕਰ ਕੇ ਆਪਣੇ ਦਾਸਾਂ ਨੂੰ ਆਪ ਹੀ ਆਪਣੇ ਗਲ ਨਾਲ ਲਾਈ ਰੱਖਦਾ ਹੈ।੪।੪੪।੫੫।

ਚਲੀਹਾ ਕੱਟ ਰਹੇ ਇਕ ਸਾਧ ਦੀ ਸਾਖੀ

ਗੁਰੂ ਨਾਨਕ ਦੇਵ ਵੀ ਆਪਣੀ ‘ਤੀਜੀ ਉਦਾਸੀ’ ਤੋਂ ਵਾਪਸ ਆ ਰਹੇ ਸਨ ਤਾਂ ਹਸਨ ਅਬਦਾਲ ਤੋਂ ਹੁੰਦੇ ਹੋਏ ਜਿਹਲਮ ਦਰਿਆ ਕੋਲ ਪੁੱਜੇ। ਜਿੱਥੇ ਪਿੰਡਾਂ ਵਿੱਚੋਂ ਹੁੰਦੇ ਹੋਏ ਗੁਰੂ ਸਾਹਿਬ ਭਾਈ ਮਰਦਾਨੇ ਨਾਲ ‘ਡਿੰਗਾ’ ਨਗਰ ਜਾ ਅਪੜੇ। ਡਿੰਗਾ ਨਗਰ ਕੋਲ ਉਨ੍ਹਾਂ ਵੇਖਿਆ ਕਿ ਇਕ ਆਦਮੀ ਇਕ ਕੁਟੀਆ ਦੇ ਸਾਹਮਣੇ ਢੋਲ ਵਜਾ ਰਿਹਾ ਸੀ। ਗੁਰੂ ਸਾਹਿਬ ਦੇ ਪੁੱਛਣ ‘ਤੇ ਉਸ ਨੇ ਦੱਸਿਆ ਕਿ ਇਸ ਕੁਟੀਆ ਵਿੱਚ ਇਕ ਜੋਗੀ ਰਹਿੰਦਾ ਹੈ ਅਤੇ ਕੁਟੀਆ ਦੇ ਭੋਰੇ ਵਿਚ ਉਹ ਚਲੀਹਾ ਕੱਟ ਰਿਹਾ ਹੈ। ਜੋਗੀ ਨੇ ਦੱਸਿਆ ਕਿ ਚਾਲੀ ਦਿਨ ਜੋਗੀ ਅੰਨ ਨਹੀਂ ਖਾਂਦਾ। ਹੁਣ ਭਲਕੇ ਉਸ ਨੇ ਚਾਲੀ ਦਿਨ ਪੂਰੇ ਕਰ ਕੇ ਭੋਰੇ ਵਿੱਚੋਂ ਬਾਹਰ ਨਿਕਲਣਾ ਹੈ। ਲੋਕਾਂ ਨੂੰ ਇਹ ਖ਼ਬਰ ਦੇਣ ਲਈ ਮੈਂ ਢੋਲ ਵਜਾਣਾ ਸ਼ੁਰੂ ਕੀਤਾ ਹੈ। ਜਿਸ ਨਾਲ ਨਗਰ-ਨਿਵਾਸੀ ਤੇ ਆਸ-ਪਾਸ ਦੇ ਪਿੰਡਾਂ ਦੇ ਲੋਕ ਜੋਗੀ ਦੇ ਦਰਸ਼ਨ ਕਰਨ ਲਈ ਆ ਇਕੱਠੇ ਹੋਣਗੇ। ਸਤਿਗੁਰੂ ਜੀ ਨੇ ਉਸ ਢੋਲ ਵਜਾਣ ਵਾਲੇ ਨੂੰ ਰੋਕ ਦਿੱਤਾ ਤੇ ਕਿਹਾ ਕਿ ਜਿਸ ਵੇਲੇ ਢੋਲ ਵਜਾਉਣ ਦੀ ਲੋੜ ਪਏਗੀ, ਤੈਨੂੰ ਤੇਰੇ ਘਰੋਂ ਅਸੀ ਸੱਦ ਲਵਾਂਗੇ । ਢੋਲ ਵਜਾਣ ਵਾਲਾ ਉਥੋਂ ਆਪਣੇ ਘਰ ਚਲਾ ਗਿਆ।ਅਗਲੇ ਦਿਨ ਚਲੀਹਾ ਕੱਟ ਕੇ ਜਦੋਂ ਜੋਗੀ ਭੋਰੇ ਵਿਚੋਂ ਬਾਹਰ ਨਿਕਲਿਆ ਤਾਂ ਉਸਨੇ ਬੜਾ ਹਾਹੁਕਾ ਲਿਆ ਤੇ ਗ਼ਸ਼ ਖਾ ਕੇ ਡਿੱਗ ਪਿਆ, ਕਿਉਂਕਿ ਢੋਲ ਨਾ ਵੱਜਣ ਕਰਕੇ ਜੋਗੀ ਦੇ ਦਰਸ਼ਨ ਕਰਨ ਲਈ ਕੋਈ ਵੀ ਵਿਅਕਤੀ ਓਥੇ ਨਾ ਪਹੁੰਚਿਆ। ਇਸ ਦੌਰਾਨ ਸਤਿਗੁਰੂ ਜੀ ਦੀ ਆਗਿਆ ਅਨੁਸਾਰ ਭਾਈ ਮਰਦਾਨਾ ਢੋਲ ਵਾਲੇ ਨੂੰ ਲੈ ਆਇਆ। ਢੋਲ ਵੱਜਿਆ, ਲੋਕ ਹੁੰਮ-ਹੁਮਾ ਕੇ ਕੁਟੀਆ ਕੋਲ ਆ ਪਹੁੰਚੇ ਅਤੇ ਜੋਗੀ ਨੂੰ ਵੀ ਹੋਸ਼ ਆ ਗਈ।ਚਾਰ-ਚੁਫੇਰੇ ਸ਼ਰਧਾਲੂਆਂ ਦੀ ਭੀੜ ਵੇਖ ਕੇ ਜੋਗੀ ਦਾ ਦਿਲ ਥਾਵੇਂ ਆਇਆ। ਫਿਰ ਗੁਰੂ ਨਾਨਕ ਦੇਵ ਜੀ ਨੇ ਜੋਗੀ ਨੂੰ ਉਸ ਦਾ ਭੁਲੇਖਾ ਸਮਝਾਇਆ ਕਿ ਤੈਨੂੰ ਰੋਟੀ ਦੀ ਥਾਂ ਲੋਕਾਂ ਦੀ ‘ਵਾਹ ਵਾਹ’ ਦੀ ਖ਼ੁਰਾਕ ਮਿਲ ਰਹੀ ਸੀ। ਇਹ ਚਲੀਹੇ ਕੱਟਣ ਦਾ ਆਤਮਿਕ ਲਾਭ ਤਾਂ ਕੋਈ ਨਾ ਹੋਇਆ। ਤੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿੱਚ ਜੁੜਿਆ ਕਰ, ਤਾਂ ਕਿ ਆਤਮਾ ਉੱਚੀ ਹੋ ਕੇ ਚੇਲਿਆਂ ਤੇ ਸ਼ਰਧਾਲੂਆਂ ਦੀ ‘ਵਾਹ-ਵਾਹ’ ਵੱਲੋਂ ਬੇ-ਮੁਹਤਾਜ ਹੋ ਜਾਏ ਤੇ ‘ਹਉਮੈ’ ਤੋਂ ਖ਼ਲਾਸੀ ਹੋਵੇ। ਇਹ ‘ਹਉਮੈ’ ਪਰਮਾਤਮਾ ਨਾਲੋਂ ਵਿੱਥ ਪੁਆਈ ਜਾ ਰਹੀ ਹੈ ਤੇ ਚਲੀਹੇ ਵਾਲੀ ਖੇਚਲ ਵਿਅਰਥ ਚਲੀ ਜਾ ਰਹੀ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥ ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮੑਾਰੇ ॥ ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥੩॥ ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥ ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥੪॥੨੭॥੫੭॥ (ਅੰਗ ੮੧੫)

ਅਰਥ : ਹੇ ਭਾਈ! ਜਿਸ ਪ੍ਰਭੂ ਦੇ ਹੱਥਾਂ ਵਿਚ (ਹਰੇਕ) ਤਾਕਤ ਹੈ, ਉਹ ਪ੍ਰਭੂ (ਸਰਨ ਪਏ ਮਨੁੱਖ ਦੇ ਮਾਇਆ ਦੇ ਸਾਰੇ) ਬੰਧਨ ਕੱਟ ਦੇਂਦਾ ਹੈ। (ਹੇ ਭਾਈ! ਪ੍ਰਭੂ ਦੀ ਸਰਨ ਪੈਣ ਤੋਂ ਬਿਨਾ) ਹੋਰ ਕੰਮਾਂ ਦੇ ਕਰਨ ਨਾਲ (ਇਹਨਾਂ ਬੰਧਨਾਂ ਤੋਂ ਖ਼ਲਾਸੀ ਨਹੀਂ ਮਿਲ ਸਕਦੀ (ਬੱਸ! ਹਰ ਵੇਲੇ ਇਹ ਅਰਦਾਸ ਕਰੋ-) ਹੇ ਹਰੀ! ਹੇ ਨਾਥ! ਸਾਡੀ ਰੱਖਿਆ ਕਰ ॥੧॥

ਹੇ ਮਾਇਆ ਦੇ ਪਤੀ ਪ੍ਰਭੂ! ਹੇ (ਸਾਰੇ ਗੁਣਾਂ ਨਾਲ) ਭਰਪੂਰ ਪ੍ਰਭੂ! ਹੇ ਦਇਆ ਦੇ ਸੋਮੇ ਪ੍ਰਭੂ! (ਮੈਂ) ਤੇਰੀ ਸਰਨ ਆਇਆ (ਹਾਂ ਮੇਰੀ ਸੰਸਾਰ ਦੇ ਮੋਹ ਤੋਂ ਰੱਖਿਆ ਕਰ)। (ਹੇ ਭਾਈ!) ਸ੍ਰਿਸ਼ਟੀ ਦਾ ਪਾਲਕ ਪ੍ਰਭੂ (ਜਿਸ ਮਨੁੱਖ ਦੀ) ਰੱਖਿਆ ਕਰਦਾ ਹੈ, ਉਹ ਮਨੁੱਖ ਸੰਸਾਰ ਦੇ ਮੋਹ ਤੋਂ ਬਚ ਜਾਂਦਾ ਹੈ ॥੧॥ ਰਹਾਉ॥ (ਹੇ ਭਾਈ! ਮੰਦ-ਭਾਗੀ ਜੀਵ) ਦੁਨੀਆ ਦੀਆਂ ਆਸਾਂ, ਵਹਿਮ, ਵਿਕਾਰ, ਮਾਇਆ ਦਾ ਮੋਹ-ਇਹਨਾਂ ਵਿਚ ਹੀ ਫਸਿਆ ਰਹਿੰਦਾ ਹੈ। ਜੇਹੜੀ ਮਾਇਆ, ਨਾਲ ਤੋੜ ਸਾਥ ਨਹੀਂ ਨਿਭਣਾ, ਉਹੀ ਇਸ ਦੇ ਮਨ ਵਿਚ ਟਿਕੀ ਰਹਿੰਦੀ ਹੈ, (ਕਦੇ ਭੀ ਇਹ) ਪਰਮਾਤਮਾ ਨਾਲ ਸਾਂਝ ਨਹੀਂ ਪਾਂਦਾ ॥੨॥

ਹੇ ਸਭ ਤੋਂ ਉਚੇ ਚਾਨਣ ਦੇ ਸੋਮੇ! ਹੇ ਸਭ ਗੁਣਾਂ ਨਾਲ ਭਰਪੂਰ ਪ੍ਰਭੂ! ਹੇ ਸਰਬ-ਵਿਆਪਕ ਪ੍ਰਭੂ! ਅਸੀ) ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਾਂ। ਹੇ ਅਪਹੁੰਚ ਤੇ ਬੇਅੰਤ ਪ੍ਰਭੂ! ਜਿਵੇਂ ਤੂੰ ਹੀ ਮੈਨੂੰ ਰੱਖਦਾ ਹੈਂ, ਮੈਂ ਉਸੇ ਤਰ੍ਹਾਂ ਹੀ ਰਹਿ ਸਕਦਾ ਹਾਂ (ਮਾਇਆ ਦੇ ਬੰਧਨਾਂ ਤੋਂ ਤੂੰ ਹੀ ਮੈਨੂੰ ਬਚਾ ਸਕਦਾ ਹੈਂ) ।੩।

ਹੇ ਨਾਨਕ! ਆਖ-) ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਭ ਕੁਝ ਕਰ ਸਕਣ ਵਾਲੇ ਪ੍ਰਭੂ! ਮੈਨੂੰ) ਆਪਣਾ ਨਾਮ ਬਖ਼ਸ਼। (ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰ, (ਇਸੇ ਤਰ੍ਹਾਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹੈਂ।੪।੨੭।੫੭।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥ (ਅੰਗ ੮੨੬)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕੁ ਮਃ ੩ ॥ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥ ਮਃ ੩ ॥ ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥ ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥ ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥ ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨੑ ਕਉ ਪਰਜਾ ਪੂਜਣ ਆਈ ॥ ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥੨॥ ਪਉੜੀ ॥ ਬਜਰ ਕਪਾਟ ਕਾਇਆ ਗੜੑ ਭੀਤਰਿ ਕੂੜੁ ਕੁਸਤੁ ਅਭਿਮਾਨੀ ॥ ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥ ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥ ਗੁਰ ਸਬਦੀ ਖੋਲਾਈਅਨਿੑ ਹਰਿ ਨਾਮੁ ਜਪਾਨੀ ॥ ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥ ੧੪॥ (ਅੰਗ ੫੧੪)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਆਸਾ ਮਹਲਾ ੫ ਛੰਤ ਘਰੁ ੭

ੴ☬ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥ ਛੰਤ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥ ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਮਨਿ ਅਨਦੁ ਭਇਆ ਪ੍ਰਭੁ ਆਵਤ ਸੁਣਿਆ ॥ ਪ੍ਰਭ ਮਿਲੇ ਸੁਆਮੀ ਸੁਖਹ ਗਾਮੀ ਚਾਵ ਮੰਗਲ ਰਸ ਭਰੇ ॥ ਅੰਗ ਸੰਗਿ ਲਾਗੇ ਦੂਖ ਭਾਗੇ ਪ੍ਰਾਣ ਮਨ ਤਨ ਸਭਿ ਹਰੇ ॥ ਮਨ ਇਛ ਪਾਈ ਪ੍ਰਭ ਧਿਆਈ ਸੰਜੋਗੁ ਸਾਹਾ ਸੁਭ ਗਣਿਆ ॥ ਬਿਨਵੰਤਿ ਨਾਨਕ ਮਿਲੇ ਸ੍ਰੀਧਰ ਸਗਲ ਆਨੰਦ ਰਸੁ ਬਣਿਆ ॥੨॥ ਮਿਲਿ ਸਖੀਆ ਪੁਛਹਿ ਕਹੁ ਕੰਤ ਨੀਸਾਣੀ ॥ ਰਸਿ ਪ੍ਰੇਮ ਭਰੀ ਕਛੁ ਬੋਲਿ ਨ ਜਾਣੀ ॥ ਗੁਣ ਗੂੜ ਗੁਪਤ ਅਪਾਰ ਕਰਤੇ ਨਿਗਮ ਅੰਤੁ ਨ ਪਾਵਹੇ ॥ ਭਗਤਿ ਭਾਇ ਧਿਆਇ ਸੁਆਮੀ ਸਦਾ ਹਰਿ ਗੁਣ ਗਾਵਹੇ ॥ ਸਗਲ ਗੁਣ ਸੁਗਿਆਨ ਪੂਰਨ ਆਪਣੇ ਪ੍ਰਭ ਭਾਣੀ ॥ ਬਿਨਵੰਤਿ ਨਾਨਕ ਰੰਗਿ ਰਾਤੀ ਪ੍ਰੇਮ ਸਹਜਿ ਸਮਾਣੀ ॥੩॥ ਸੁਖ ਸੋਹਿਲੜੇ ਹਰਿ ਗਾਵਣ ਲਾਗੇ ॥ ਸਾਜਨ ਸਰਸਿਅੜੇ ਦੁਖ ਦੁਸਮਨ ਭਾਗੇ ॥ ਸੁਖ ਸਹਜ ਸਰਸੇ ਹਰਿ ਨਾਮਿ ਰਹਸੇ ਪ੍ਰਭਿ ਆਪਿਕਿਰਪਾ ਧਾਰੀਆ ॥ ਹਰਿ ਚਰਣ ਲਾਗੇ ਸਦਾ ਜਾਗੇ ਮਿਲੇ ਪ੍ਰਭ ਬਨਵਾਰੀਆ ॥ ਸੁਭ ਦਿਵਸ ਆਏ ਸਹਜਿ ਪਾਏ ਸਗਲ ਨਿਧਿ ਪ੍ਰਭ ਪਾਗੇ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸਦਾ ਹਰਿ ਜਨ ਤਾਗੇ ॥੪॥੧॥੧੦॥ (ਅੰਗ ੪੫੯)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥ (ਅੰਗ ੪੮੯)