ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ (ਅੰਗ ੬੯੬)

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਅੈ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥ (ਅੰਗ ੬੪੩)

ਅਰਥ: (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਹੇ ਨਾਨਕ ਜੀ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ। ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ ਜੀ! (ਉਹਨਾਂ ਦੇ ਸਿਰ ਕੀਹ ਦੋਸ਼ ?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ॥੨॥ ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ। (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ। (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ॥੩॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥ ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥ ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥ (ਅੰਗ ੮੩੩)

ਅਰਥ: ਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ। ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂ) ਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ।੧।ਰਹਾਉ। ਹੇ ਭਾਈ! ਪ੍ਰਭੂ ਦਾ ਨਾਮ ਸਿਮਰਿਆ ਕਰੋ, ਇਹ ਨਾਮ ਠੰਢ ਪਾਣ ਵਾਲਾ ਜਲ ਹੈ, ਇਹ ਨਾਮ ਚੰਦਨ ਦੀ ਸੁਗੰਧੀ ਹੈ ਜਿਹੜੀ (ਸਾਰੀ ਬਨਸਪਤੀ ਨੂੰ) ਸੁਗੰਧਿਤ ਕਰ ਦੇਂਦੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਈਦਾ ਹੈ। ਜਿਵੇਂ ਅਰਿੰਡ ਤੇ ਪਲਾਹ (ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤਿ ਨਾਲ) ਸੁਗੰਧਿਤ ਹੋ ਜਾਂਦੇ ਹਨ, (ਤਿਵੇਂ) ਮੇਰੇ ਵਰਗੇ ਜੀਵ (ਹਰਿ ਨਾਮ ਦੀ ਬਰਕਤਿ ਨਾਲ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ) ।੧। ਹੇ ਭਾਈ! ਸਾਰੀ ਬਨਸਪਤੀ ਵਿਚ ਚੰਦਨ ਸਭ ਤੋਂ ਸ੍ਰੇਸ਼ਟ (ਰੁੱਖ) ਹੈ, ਚੰਦਨ ਦੇ ਨੇੜੇ (ਉੱਗਾ ਹੋਇਆ) ਹਰੇਕ ਬੂਟਾ ਚੰਦਨ ਬਣ ਜਾਂਦਾ ਹੈ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਾਇਆ-ਵੇੜ੍ਹੇ ਪ੍ਰਾਣੀ (ਉਹਨਾਂ ਰੁੱਖਾਂ ਵਰਗੇ ਹਨ ਜੋ ਧਰਤੀ ਵਿਚੋਂ ਖ਼ੁਰਾਕ ਮਿਲ ਸਕਣ ਤੇ ਭੀ) ਖਲੋਤੇ ਹੀ ਸੁੱਕ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਅਹੰਕਾਰ ਵੱਸਦਾ ਹੈ, (ਇਸ ਵਾਸਤੇ ਪਰਮਾਤਮਾ ਤੋਂ) ਵਿਛੁੱੜ ਕੇ ਉਹ ਕਿਤੇ ਦੂਰ ਪਏ ਰਹਿੰਦੇ ਹਨ।੨। ਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ। (ਜਗਤ ਦੀ) ਸਾਰੀ ਮਰਯਾਦਾ ਉਸ ਨੇ ਆਪ ਹੀ ਬਣਾਈ ਹੋਈ ਹੈ (ਉਸ ਮਰਯਾਦਾ ਅਨੁਸਾਰ) ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸੋਨਾ ਬਣ ਜਾਂਦਾ ਹੈ (ਸੁੱਚੇ ਜੀਵਨ ਵਲ ਬਣ ਜਾਂਦਾ ਹੈ। ਹੇ ਭਾਈ! ਧੁਰ ਦਰਗਾਹ ਤੋਂ (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹ ਲੇਖ (ਕਿਸੇ ਦੇ ਆਪਣੇ ਉੱਦਮ ਨਾਲ) ਮਿਟਾਇਆਂ ਮਿਟ ਨਹੀਂ ਸਕਦਾ (ਗੁਰੂ ਦੇ ਮਿਲਣ ਨਾਲ ਹੀ ਲੋਹੇ ਤੋਂ ਕੰਚਨ ਬਣਦਾ) ਹੈ।੩। ਹੇ ਭਾਈ! ਗੁਰੂ ਦੇ ਅੰਦਰ) ਭਗਤੀ ਦੇ ਸਮੁੰਦਰ (ਭਰੇ ਪਏ) ਹਨ, ਭਗਤੀ ਦੇ ਖ਼ਜ਼ਾਨੇ ਖੁਲ੍ਹੇ ਪਏ ਹਨ, ਗੁਰੂ ਦੀ ਮਤਿ ਉਤੇ ਤੁਰ ਕੇ ਹੀ ਮਨੁੱਖ (ਉੱਚੇ ਆਤਮਕ ਗੁਣ-) ਰਤਨ ਪ੍ਰਾਪਤ ਕਰ ਸਕਦਾ ਹੈ। (ਵੇਖੋ) ਗੁਰੂ ਦੀ ਚਰਨੀਂ ਲੱਗ ਕੇ (ਹੀ ਮੇਰੇ ਅੰਦਰ) ਇਕ ਪਰਮਾਤਮਾ ਵਾਸਤੇ ਪਿਆਰ ਪੈਦਾ ਹੋਇਆ ਹੈ (ਹੁਣ) ਪਰਮਾਤਮਾ ਦੇ ਗੁਣ ਗਾਂਦਿਆਂ ਮੇਰਾ ਮਨ ਰੱਜਦਾ ਨਹੀਂ ਹੈ।੪। ਹੇ ਭਾਈ! ਜਿਹੜਾ ਮਨੁੱਖ ਸਦਾ ਹੀ ਪਰਮਾਤਮਾ ਦਾ ਧਿਆਨ ਧਰਦਾ ਰਹਿੰਦਾ ਹੈ ਉਸਦੇ ਅੰਦਰ ਸਭ ਤੋਂ ਉੱਚੀ ਲਗਨ ਬਣ ਜਾਂਦੀ ਹੈ। ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਜਿਹੜਾ ਪਿਆਰ ਮੇਰੇ ਅੰਦਰ ਬਣਿਆ ਹੈ, ਮੈਂ (ਤੁਹਾਨੂੰ ਉਸ ਦਾ ਹਾਲ) ਦੱਸਿਆ ਹੈ। ਸੋ, ਹੇ ਭਾਈ! ਮੁੜ ਮੁੜ, ਹਰੇਕ ਖਿਨ, ਹਰੇਕ ਪਲ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ (ਪਰ, ਇਹ ਚੇਤੇ ਰੱਖੋ) ਪਰਮਾਤਮਾ ਪਰੇ ਤੋਂ ਪਰੇ ਹੈ, ਕੋਈ ਜੀਵ ਉਸ (ਦੀ ਹਸਤੀ) ਦਾ ਪਾਰਲਾ ਬੰਨ੍ਹਾ ਲੱਭ ਨਹੀਂ ਸਕਦਾ।੫। ਹੇ ਭਾਈ! ਵੇਦ ਸ਼ਾਸਤ੍ਰ ਪੁਰਾਣ (ਆਦਿਕ ਧਰਮ ਪੁਸਤਕ ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ (ਕਿ ਖਟ-ਕਰਮੀ) ਧਰਮ ਕਮਾਇਆ ਕਰੋ, ਉਹ ਇਹਨਾਂ ਛੇ ਧਾਰਮਿਕ ਕਰਮਾਂ ਬਾਰੇ ਹੀ ਪਕਿਆਈ ਕਰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਇਸੇ) ਪਾਖੰਡ ਵਿਚ ਭਟਕਣਾ ਵਿਚ (ਪੈ ਕੇ) ਖ਼ੁਆਰ ਹੁੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੀ) ਬੇੜੀ (ਆਪਣੇ ਹੀ ਪਾਖੰਡ ਦੇ) ਭਾਰ ਨਾਲ ਲੋਭ ਦੀ ਲਹਿਰ ਵਿਚ ਡੁੱਬ ਜਾਂਦੀ ਹੈ।੬। ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ, ਨਾਮ ਵਿਚ ਜੁੜ ਕੇ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰੋਗੇ। (ਆਪਣੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਟਿਕਾਈ ਰੱਖੋ, (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਾਸਤੇ ਇਹ ਹਰਿ-ਨਾਮ ਹੀ) ਸਿਮ੍ਰਿਤੀਆਂ ਸ਼ਾਸਤ੍ਰਾਂ ਦਾ ਉਪਦੇਸ ਹੈ। (ਹਰਿ-ਨਾਮ ਦੀ ਰਾਹੀਂ ਜਦੋਂ ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਮਨੁੱਖ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ। ਗੁਰੂ ਦੀ ਸਰਨ ਪੈ ਕੇ ਜਦੋਂ ਮਨੁੱਖ (ਪਰਮਾਤਮਾ ਦੇ ਨਾਮ ਵਿਚ) ਪਤੀਜਦਾ ਹੈ, ਤਦੋਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ।੭। ਹੇ ਨਾਨਕ! ਆਖ-ਹੇ ਪ੍ਰਭੂ!) ਇਹ ਸਾਰਾ ਜਗਤ ਤੇਰਾ ਹੀ ਰੂਪ ਹੈ ਤੇਰਾ ਹੀ ਰੰਗ ਹੈ। ਜਿਸ ਪਾਸੇ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਹੀ ਕਰਮ ਜੀਵ ਕਰਦੇ ਹਨ। ਜੀਵ (ਤੇਰੇ ਵਾਜੇ ਹਨ) ਜਿਵੇਂ ਤੂੰ ਵਜਾਂਦਾ ਹੈਂ, ਤਿਵੇਂ ਵੱਜਦੇ ਹਨ। ਜਿਸ ਰਾਹ ਤੇ ਤੋਰਨਾ ਤੈਨੂੰ ਚੰਗਾ ਲੱਗਦਾ ਹੈ, ਉਸੇ ਰਾਹ ਤੇ ਜੀਵ ਤੁਰਦੇ ਹਨ।੮।੨।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥ ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥ ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥ ਜਿਨਿ ਜਗੁ ਥਾਪਿ ਵਤਾਇਆ ਜਾਲੋੁ ਸੋ ਸਾਹਿਬੁ ਪਰਵਾਣੋ ॥੧॥ ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥ ਸਿਰਿ ਸਿਰਿ ਸਚੜੈ ਲਿਖਿਆ ਦੁਖੁ ਸੁਖੁ ਪੁਰਬਿ ਵੀਚਾਰੋਵਾ ॥ ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ ॥ ਜੇਹੇ ਕਰਮ ਕਰਾਏ ਕਰਤਾ ਦੂਜੀ ਕਾਰ ਨ ਭਾਲੇ ॥ ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ ॥ ਅਜੁ ਕਲਿ ਕਰਦਿਆ ਕਾਲੁ ਬਿਆਪੈ ਦੂਜੈ ਭਾਇ ਵਿਕਾਰੋ ॥੨॥ ਜਮ ਮਾਰਗ ਪੰਥੁ ਨ ਸੁਝਈ ਉਝੜੁ ਅੰਧ ਗੁਬਾਰੋਵਾ ॥ ਨਾ ਜਲੁ ਲੇਫ ਤੁਲਾਈਆ ਨਾ ਭੋਜਨ ਪਰਕਾਰੋਵਾ ॥ ਭੋਜਨ ਭਾਉ ਨ ਠੰਢਾ ਪਾਣੀ ਨਾ ਕਾਪੜੁ ਸੀਗਾਰੋ ॥ ਗਲਿ ਸੰਗਲੁ ਸਿਰਿ ਮਾਰੇ ਊਭੌ ਨਾ ਦੀਸੈ ਘਰ ਬਾਰੋ ॥ ਇਬ ਕੇ ਰਾਹੇ ਜੰਮਨਿ ਨਾਹੀ ਪਛੁਤਾਣੇ ਸਿਰਿ ਭਾਰੋ ॥ ਬਿਨੁ ਸਾਚੇ ਕੋ ਬੇਲੀ ਨਾਹੀ ਸਾਚਾ ਏਹੁ ਬੀਚਾਰੋ ॥੩॥ ਬਾਬਾ ਰੋਵਹਿ ਰਵਹਿ ਸੁ ਜਾਣੀਅਹਿ ਮਿਲਿ ਰੋਵੈ ਗੁਣ ਸਾਰੇਵਾ ॥ ਰੋਵੈ ਮਾਇਆ ਮੁਠੜੀ ਧੰਧੜਾ ਰੋਵਣਹਾਰੇਵਾ ॥ ਧੰਧਾ ਰੋਵੈ ਮੈਲੁ ਨ ਧੋਵੈ ਸੁਪਨੰਤਰੁ ਸੰਸਾਰੋ ॥ ਜਿਉ ਬਾਜੀਗਰੁ ਭਰਮੈ ਭੂਲੈ ਝੂਠਿ ਮੁਠੀ ਅਹੰਕਾਰੋ ॥ ਆਪੇ ਮਾਰਗਿ ਪਾਵਣਹਾਰਾ ਆਪੇ ਕਰਮ ਕਮਾਏ ॥ ਨਾਮਿ ਰਤੇ ਗੁਰਿ ਪੂਰੈ ਰਾਖੇ ਨਾਨਕ ਸਹਜਿ ਸੁਭਾਏ ॥੪॥੪॥ (ਅੰਗ ੫੮੧)

ਅਰਥ: ਜਿਸ ਪਰਮਾਤਮਾ ਨੇ ਜਗਤ ਪੈਦਾ ਕਰ ਕੇ ਇਸ ਨੂੰ ਆਪਣੇ ਆਪ ਵਿਚ ਲੀਨ ਕਰਨ ਦੀ ਤਾਕਤ ਭੀ ਆਪਣੇ ਪਾਸ ਰੱਖੀ ਹੋਈ ਹੈ ਉਸ ਮਾਲਕ ਨੂੰ ਇਸ ਕੁਦਰਤਿ ਵਿਚ ਵੱਸਦਾ ਸਮਝ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ (ਰਚੀ ਕੁਦਰਤਿ ਤੋਂ) ਦੂਰ (ਕਿਸੇ ਹੋਰ ਥਾਂ) ਲੱਭਣ ਦਾ ਜਤਨ ਨਹੀਂ ਕਰਨਾ ਚਾਹੀਦਾ। ਹਰੇਕ ਸਰੀਰ ਵਿਚ ਉਸੇ ਦਾ ਹੁਕਮ ਵਰਤਦਾ ਪਛਾਣ। ਜਿਸ ਪਰਮਾਤਮਾ ਨੇ ਇਹ ਰਚਨਾ ਰਚੀ ਹੈ ਉਸ ਨੂੰ ਇਸ ਤੋਂ ਦੂਰ (ਕਿਤੇ ਵੱਖਰਾ) ਨਾਹ ਸਮਝੋ, (ਹਰੇਕ ਸਰੀਰ ਵਿਚ) ਉਸ ਦਾ ਅਟੱਲ ਹੁਕਮ ਵਰਤਦਾ ਪਛਾਣੋ। ਜਦੋਂ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ ਤਦੋਂ ਆਤਮਕ ਆਨੰਦ ਮਾਣਦਾ ਹੈ। ਪ੍ਰਭੂ ਦੇ ਨਾਮ ਤੋਂ ਬਿਨਾ ਲੁਕਾਈ ਅਸਮਰਥ ਹੋ ਜਾਂਦੀ ਹੈ। ਜਿਸ ਪਰਮਾਤਮਾ ਨੇ ਰਚਨਾ ਰਚੀ ਹੈ ਉਹੀ ਇਸ ਦੀ ਰੱਖਿਆ ਦੀ ਵਿਧੀ ਭੀ ਜਾਣਦਾ ਹੈ, ਹੋਰ ਕੋਈ ਜੋ ਮਰਜੀ ਕਹੇ। ਜਿਸ ਪ੍ਰਭੂ ਨੇ ਜਗਤ ਪੈਦਾ ਕਰ ਕੇ (ਇਸ ਦੇ ਉਪਰ ਮਾਇਆ ਦੇ ਮੋਹ ਦਾ) ਜਾਲ ਵਿਛਾ ਰੱਖਿਆ ਹੈ ਉਹੀ ਮੰਨਿਆ-ਪ੍ਰਮੰਨਿਆ ਮਾਲਕ ਹੈ ॥੧॥ ਹੇ ਭਾਈ! ਜੇਹੜਾ ਵੀ ਜੀਵ (ਜਗਤ ਵਿਚ ਜਨਮ ਲੈ ਕੇ) ਆਇਆ ਹੈ ਉਸ ਨੇ ਜ਼ਰੂਰ (ਇਥੋਂ) ਚਲੇ ਜਾਣਾ ਹੈ, ਜਗਤ ਤਾਂ ਆਉਣ ਜਾਣ (ਜਨਮ ਮਰਨ) ਦੇ ਚਕਰ ਵਿਚ ਹੈ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਹਰੇਕ ਜੀਵ ਦੇ ਸਿਰ ਉਤੇ ਉਸ ਦੇ ਪੂਰਬਲੇ ਸਮੇ ਵਿਚ ਕੀਤੇ ਕਰਮਾਂ ਦੇ ਵਿਚਾਰ ਅਨੁਸਾਰ ਦੁੱਖ ਅਤੇ ਸੁਖ (ਭੋਗਣ) ਦੇ ਲੇਖ ਲਿਖ ਦਿੱਤੇ ਹਨ। ਜਿਹੋ ਜਿਹਾ ਕਰਮ ਜੀਵ ਨੇ ਕੀਤਾ ਉਹੋ ਜਿਹਾ ਦੁੱਖ ਤੇ ਸੁਖ ਪਰਮਾਤਮਾ ਨੇ ਉਸ ਨੂੰ ਦੇ ਦਿੱਤਾ ਹੈ। ਹਰੇਕ ਜੀਵ ਦੇ ਕੀਤੇ ਕਰਮਾਂ ਦਾ ਸਮੂਹ ਉਸ ਦੇ ਨਾਲ ਹੀ ਨਿਭਦਾ ਹੈ। (ਪਰ ਜੀਵਾਂ ਦੇ ਭੀ ਕੀਹ ਵੱਸ ?) ਕਰਤਾਰ ਆਪ ਹੀ ਜਿਹੋ ਜਿਹੇ ਕਰਮ ਜੀਵਾਂ ਪਾਸੋਂ ਕਰਾਂਦਾ ਹੈ (ਉਹੋ ਜਿਹੇ ਕਰਮ ਜੀਵ ਕਰਦੇ ਹਨ) ਕੋਈ ਭੀ ਜੀਵ (ਪ੍ਰਭੂ ਦੀ ਰਜ਼ਾ ਤੋਂ ਲਾਂਭੇ ਜਾ ਕੇ) ਕੋਈ ਹੋਰ ਕੰਮ ਨਹੀਂ ਕਰ ਸਕਦਾ। ਪਰਮਾਤਮਾ ਆਪ ਤਾਂ (ਕਰਮਾਂ ਤੋਂ) ਨਿਰਲੇਪ ਹੈ, ਲੁਕਾਈ ਉਸ ਦੇ ਹੁਕਮ ਅਨੁਸਾਰ (ਮਾਇਆ ਦੇ) ਆਹਰ ਵਿਚ ਬੱਝੀ ਪਈ ਹੈ। (ਮਾਇਆ ਦੇ ਇਹਨਾਂ ਬੰਧਨਾਂ ਤੋਂ ਭੀ) ਪਰਮਾਤਮਾ ਆਪ ਹੀ ਹੁਕਮ ਕਰ ਕੇ ਛੁਡਾਣ ਦੇ ਸਮਰੱਥ ਹੈ। ਅੱਜ (ਸਿਮਰਨ) ਕਰਦਾ ਹਾਂ, ਭਲਕੇ ਕਰਾਂਗਾ (ਇਹੀ ਟਾਲ-ਮਟੋਲੇ) ਕਰਦੇ ਨੂੰ ਮੌਤ ਆ ਦਬਾਂਦੀ ਹੈ। (ਪ੍ਰਭੂ ਨੂੰ ਵਿਸਾਰ ਕੇ) ਮਾਇਆ ਦੇ ਮੋਹ ਵਿਚ ਫਸਿਆ ਵਿਅਰਥ ਕੰਮ ਕਰਦਾ ਰਹਿੰਦਾ ਹੈ ॥੨॥ ਜੀਵ ਜਮ ਵਾਲਾ ਰਸਤਾ ਫੜਦਾ ਹੈ, ਤੇ ਉਸ ਨੂੰ ਆਤਮਿਕ ਜੀਵਨ ਦੀ ਸੋਝ ਨਹੀਂ ਆਉਂਦੀ, ਉਜਾੜ ਤੇ ਘੁੱਪ ਹਨੇਰੇ ਵਿਚ ਹੀ ਫਸਿਆ ਰਹਿੰਦਾ ਹੈ। (ਆਖਰ ਵੇਲੇ) ਨਾਹ ਪਾਣੀ, ਨਾਹ ਲੇਫ, ਨਾਹ ਤੁਲਾਈ ਨਾ ਕਿਸੇ ਕਿਸਮ ਦਾ ਭੋਜਨ, ਭੋਜਨ ਭਾਉ ਨਹੀਂ, ਨਾਹ ਠੰਢਾ ਪਾਣੀ, ਨਾਹ ਕੋਈ ਸੋਹਣਾ ਕੱਪੜਾ, ਨਾਹ ਹੋਰ ਸਿੰਗਾਰ (ਨਾਲ ਜਾਂਦਾ ਹੈ)। ਜਮਰਾਜ ਜੀਵ ਦੇ ਗਲ ਵਿਚ (ਮੋਹ ਦਾ) ਸੰਗਲ ਪਾ ਕੇ ਇਸ ਦੇ ਸਿਰ ਉਤੇ ਖਲੋਤਾ ਚੋਟਾਂ ਮਾਰਦਾ ਹੈ, ਤਾਂ ਇਸ ਨੂੰ ਕੋਈ ਘਰ-ਬਾਹਰ ਨਹੀਂ ਦਿੱਸਦਾ। ਉਸ (ਮੌਤ) ਵੇਲੇ ਦੇ ਬੀਜੇ ਹੋਏ (ਸਿਮਰਨ ਸੇਵਾ ਆਦਿਕ ਦੇ ਬੀਜ) ਉੱਗ ਨਹੀਂ ਸਕਦੇ। ਤਦੋਂ ਪਛੁਤਾਂਦਾ ਹੈ ਕਿਉਂਕਿ ਕੀਤੇ ਪਾਪਾਂ ਦਾ ਭਾਰ ਸਿਰ ਉਤੇ ਪਿਆ ਹੈ (ਜੋ ਲਹਿ ਨਹੀਂ ਸਕਦਾ)। ਇਸ ਅਟੱਲ ਵਿਚਾਰ ਨੂੰ ਚੇਤੇ ਰੱਖੋ ਕਿ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਸਾਥੀ ਨਹੀਂ ਬਣਦਾ ॥੩॥ ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ ਤੇ ਵੈਰਾਗਵਾਨ ਹੁੰਦੇ ਹਨ ਉਹ (ਲੋਕ ਪਰਲੋਕ ਵਿਚ) ਆਦਰ ਪਾਂਦੇ ਹਨ। ਪਰ ਜਿਸ ਜੀਵ-ਇਸਤ੍ਰੀ ਨੂੰ ਮਾਇਆ ਦੇ ਮੋਹ ਨੇ ਲੁੱਟ ਲਿਆ ਹੈ ਉਹ ਦੁੱਖੀ ਹੁੰਦੀ ਹੈ। ਜੀਵ (ਸਾਰੀ ਉਮਰ ਮਾਇਆ ਦਾ) ਧੰਧਾ ਹੀ ਪਿੱਟਦੇ ਹਨ ਤੇ ਇੰਜ ਕਰਮਾ ਦੀ ਮੈਲ ਨਹੀਂ ਲਾਹੁੰਦੇ, ਉਹਨ੍ਹਾਂ ਲਈ ਸੰਸਾਰ ਇਕ ਸੁਪਨਾ ਹੀ ਬਣਿਆ ਰਹਿੰਦਾ ਹੈ। ਜਿਵੇਂ ਬਾਜ਼ੀਗਰ (ਤਮਾਸ਼ਾ ਵਿਖਾਂਦਾ ਹੈ, ਵੇਖਣ ਵਾਲਾ ਜੀਵ ਉਸ ਦੇ ਤਮਾਸ਼ੇ ਵਿਚ ਰੁੱਝਾ ਰਹਿੰਦਾ ਹੈ, ਤਿਵੇਂ) ਕੂੜੇ ਮੋਹ ਦੀ ਠਗੀ ਹੋਈ ਜੀਵ-ਇਸਤ੍ਰੀ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਰਹਿੰਦੀ ਹੈ ਤੇ (ਕੂੜੀ ਮਾਇਆ ਦਾ) ਮਾਣ ਕਰਦੀ ਹੈ। ਪਰ ਪਰਮਾਤਮਾ ਆਪ ਹੀ (ਜੀਵਾਂ ਨੂੰ) ਸਹੀ ਰਸਤੇ ਤੇ ਪਾਣ ਵਾਲਾ ਹੈ ਤੇ ਆਪ ਹੀ (ਜੀਵਾਂ ਵਿਚ ਵਿਆਪਕ ਹੋ ਕੇ) ਕਰਮ ਕਰ ਰਿਹਾ ਹੈ। ਹੇ ਨਾਨਕ ਜੀ! ਜੇਹੜੇ ਆਤਮਕ ਅਡੋਲਤਾ ਵਿਚ ਟਿਕੇ ਰਹਿ ਕੇ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਨੂੰ ਪੂਰੇ ਗੁਰੂ ਨੇ (ਮਾਇਆ ਦੇ ਮੋਹ ਤੋਂ) ਬਚਾ ਲਿਆ ਹੈ ॥੪॥੪॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥ (ਅੰਗ ੬੧੫)

ਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ॥੧॥ (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ॥੨॥ ਹੇ ਭਾਈ! (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ। ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ ॥੩॥ ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ, ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ ॥੪॥੧੨॥੨੩॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮ: ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥ (ਅੰਗ ੬੪੫)

ਵਿਆਖਿਆ :- ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤ ਵਿਚ ਮਿਲ ਜਾਂਦੇ ਹਨ ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ (ਅੰਗ ੬੧੩)

ਅਰਥ: (ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ (ਅੰਗ ੬੦੩)

ਅਰਥ: ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀਂ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼ ॥੧॥ ਪਿਆਰੇ ਪ੍ਰਭੂ ਜੀ! (ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ ॥ ਰਹਾਉ॥ (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨। ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩। ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥ (ਅੰਗ ੪੯੫)

ਅਰਥ: ਰਾਗ ਗੂਜਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਦੁਨੀਆਦਾਰ ਮਨੁੱਖ ਕਰਮ-ਕਾਂਡ ਕਰਦੇ ਹਨ, (ਇਸ਼ਨਾਨ, ਸੰਧਿਆ ਆਦਿਕ) ਛੇ (ਪ੍ਰਸਿੱਧ ਮਿਥੇ ਹੋਏ ਧਾਰਮਿਕ) ਕਰਮ ਕਮਾਂਦੇ ਹਨ, ਇਹਨਾਂ ਕੰਮਾਂ ਵਿਚ ਹੀ ਇਹ ਲੋਕ ਪਰਚੇ ਰਹਿੰਦੇ ਹਨ। ਪਰ ਇਹਨਾਂ ਦੇ ਮਨ ਵਿਚ ਟਿਕੀ ਹੋਈ ਹਉਮੈ ਦੀ ਮੈਲ (ਇਹਨਾਂ ਕੰਮਾਂ ਨਾਲ) ਨਹੀਂ ਉਤਰਦੀ। ਗੁਰੂ ਦੀ ਸਰਨ ਪੈਣ ਤੋਂ ਬਿਨਾ ਉਹ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦੇ ਹਨ ॥੧॥ ਹੇ ਮੇਰੇ ਮਾਲਕ-ਪ੍ਰਭੂ! ਕਿਰਪਾ ਕਰ ਕੇ ਮੈਨੂੰ (ਦੁਰਮਤ ਤੋਂ) ਬਚਾਈ ਰੱਖ। (ਮੈਂ ਵੇਖਦਾ ਹਾਂ ਕਿ) ਕ੍ਰੋੜਾਂ ਮਨੁੱਖਾਂ ਵਿਚੋਂ ਕੋਈ ਵਿਰਲਾ ਮਨੁੱਖ (ਤੇਰਾ ਸੱਚਾ) ਭਗਤ ਹੈ (ਦੁਰਮਤ ਦੇ ਕਾਰਨ) ਹੋਰ ਸਾਰੇ ਮਤਲਬੀ ਹੀ ਹਨ (ਆਪਣੇ ਮਤਲਬ ਦੀ ਖ਼ਾਤਰ ਵੇਖਣ ਨੂੰ ਹੀ ਧਾਰਮਿਕ ਕੰਮ ਕਰ ਰਹੇ ਹਨ) ॥੧॥ ਰਹਾਉ॥ ਸਾਰੇ ਸ਼ਾਸਤ੍ਰ, ਸਾਰੇ ਵੇਦ, ਸਾਰੀਆਂ ਸਿਮ੍ਰਿਤੀਆਂ ਇਹ ਸਾਰੇ ਅਸਾਂ ਪੜਤਾਲ ਕਰ ਕੇ ਵੇਖ ਲਏ ਹਨ, ਇਹ ਸਾਰੇ ਭੀ ਇਹੀ ਇਕੋ ਗੱਲ ਪੁਕਾਰ ਪੁਕਾਰ ਕੇ ਕਹਿ ਰਹੇ ਹਨ, ॥ ਕਿ ਗੁਰੂ ਦੀ ਸਰਨ ਆਉਣ ਤੋਂ ਬਿਨਾ ਕੋਈ ਮਨੁੱਖ (ਮਾਇਆ ਦੇ ਮੋਹ ਆਦਿਕ ਤੋਂ) ਖ਼ਲਾਸੀ ਨਹੀਂ ਪਾ ਸਕਦਾ। ਤੁਸੀਂ ਭੀ ਬੇ-ਸ਼ੱਕ ਮਨ ਵਿਚ ਵਿਚਾਰ ਕਰ ਕੇ ਵੇਖ ਲਵੋ (ਇਹੀ ਗੱਲ ਠੀਕ ਹੈ) ॥੨॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (Hukamnama From Sachkhand Sri Harimandir Sahib)

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ (ਅੰਗ ੬੦੯)

ਅਰਥ: ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।